ਮਲੇਰਕੋਟਲਾ, 7 ਸਤੰਬਰ : ਅਲਬਰਟਾ ਦੇ ਡਾਊਨਟਾਊਨ ਐਡਮਿੰਟਨ ਪਾਰਕਿੰਗ ‘ਚ ਬੁੱਧਵਾਰ ਨੂੰ 22 ਸਾਲਾ ਸਿੱਖ ਨੌਜਵਾਨ ਦੀ ਕਥਿਤ ਤੌਰ ‘ਤੇ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ ਹੈ।ਅੱਠ ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਏ ਪੀੜਤ ਦੀ ਪਛਾਣ ਜਸ਼ਨਦੀਪ ਸਿੰਘ ਮਾਨ ਵਜੋਂ ਹੋਈ ਹੈ, ਜੋ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਬਡਲਾ ਦਾ ਰਹਿਣ ਵਾਲਾ ਸੀ। ਐਡਮਿੰਟਨ ਪੁਲਿਸ ਨੇ 40 ਸਾਲਾ ਐਡਗਰ ਵਿਸਕਰ ’ਤੇ ਦੂਜੇ ਦਰਜੇ ਦੇ ਕਤਲ ਦਾ ਦੋਸ਼ ਲਗਾਇਆ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਘਟਨਾ ਤੋਂ ਬਾਅਦ ਸ਼ੱਕੀ ਮੌਕੇ ’ਤੇ ਹੀ ਰਿਹਾ। ਹਮਲੇ ਵਿੱਚ ਵਰਤਿਆ ਗਿਆ ਹਥਿਆਰ ਇਕ ਬਾਕਸ ਕਟਰ ਮੰਨਿਆ ਜਾ ਰਿਹਾ ਹੈ। ਈਪੀਐੱਸ ਹੋਮੀਸਾਈਡ ਸੈਕਸ਼ਨ ਦੇ ਸਟਾਫ ਸਾਰਜੈਂਟ ਕੋਲਿਨ ਲੈਥਮ ਨੇ ਅਧਿਕਾਰਤ ਰੀਲੀਜ਼ ਵਿੱਚ ਕਿਹਾ ਕਿ ਅਸੀਂ ਪੁਸ਼ਟੀ ਕਰ ਸਕਦੇ ਹਾਂ ਕਿ ਦੋਵੇਂ ਵਿਅਕਤੀ ਇੱਕ ਦੂਜੇ ਨੂੰ ਨਹੀਂ ਜਾਣਦੇ ਸਨ ਅਤੇ ਇਹ ਇੱਕ ਵੱਖਰੀ ਘਟਨਾ ਜਾਪਦੀ ਹੈ। ਸਾਬਕਾ ਸਰਪੰਚ ਭਰਪੂਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਕੈਨੇਡਾ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਤੋਂ ਉਨ੍ਹਾਂ ਦੇ ਪੁੱਤਰ ਦੀ ਮੌਤ ਦੀ ਘਟਨਾ ਬਾਰੇ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਹ ਜਾਣਨਾ ਚਾਹੁੰਦੇ ਹਾਂ ਕਿ ਹਮਲਾਵਰ ਨੂੰ ਕਿਸ ਗੱਲ ਨੇ ਉਕਸਾਇਆ, ਕਿ ਉਸ ਨੇ ਜਸ਼ਨਦੀਪ ਨੂੰ ਸਾਡੇ ਕੋਲੋਂ ਖੋਹ ਕੇ ਸਾਡੀ ਦੁਨੀਆਂ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਡੈਲੀਗੇਟ ਪ੍ਰਿਤਪਾਲ ਕੌਰ ਬਡਲਾ ਦੀ ਅਗਵਾਈ ਹੇਠ ਇਲਾਕਾ ਨਿਵਾਸੀਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਲਾਸ਼ ਨੂੰ ਵਾਪਸ ਲਿਆਉਣ ਵਿੱਚ ਜਲਦੀ ਮਦਦ ਕੀਤੀ ਜਾਵੇ। ਪਿੰਡ ਵਾਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵਿਦੇਸ਼ਾਂ ਵਿੱਚ ਵਸੇ ਭਾਰਤੀ ਨੌਜਵਾਨਾਂ ਵਿਰੁੱਧ ਅਪਰਾਧਾਂ ਨੂੰ ਰੋਕਣ ਲਈ ਯੋਗ ਕਦਮ ਚੁੱਕਣ। ਉਧਰ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ: ਅਮਰ ਸਿੰਘ ਬੋਪਾਰਾਏ ਨੇ ਇਹ ਮੁੱਦਾ ਵਿਦੇਸ਼ ਮਾਮਲਿਆਂ ਦੇ ਮੰਤਰੀ ਡਾ: ਐਸ ਜੈਸ਼ੰਕਰ ਕੋਲ ਉਠਾਉਣ ਦਾ ਦਾਅਵਾ ਕੀਤਾ ਹੈ। ਬੋਪਾਰਾਏ ਨੇ ਕਿਹਾ ਕਿ ਇਸ ਘਟਨਾ ਬਾਰੇ ਮੈਂ ਮੰਤਰੀ ਨਾਲ ਗੱਲ ਕੀਤੀ ਹੈ, ਜਿਨ੍ਹਾਂ ਨੇ ਮੈਨੂੰ ਭਰੋਸਾ ਦਿਵਾਇਆ ਕਿ ਉਹ ਲਾਸ਼ ਦੀ ਵਾਪਸੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕੈਨੇਡਾ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨਗੇ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login