ਸਪੀਕਰ ਸੰਧਵਾਂ ਵੱਲੋਂ ਆਪਣੇ ਹਲਕੇ ’ਚ ਪਰਾਲੀ ਨਾ ਸਾੜਨ ਵਾਲੇ ਹਰ ਪਿੰਡ ਨੂੰ ਇੱਕ ਲੱਖ ਰੁਪਏ ਦੇਣ ਦਾ ਐਲਾਨ

ਚੰਡੀਗੜ੍ਹ, 23 ਅਕਤੂਬਰ- ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਵਿੱਚ ਪਰਾਲੀ ਨਾ ਸਾੜਨ ਵਾਲੇ ਹਰ ਪਿੰਡ ਦੀ ਪੰਚਾਇਤ ਨੂੰ ਇੱਕ ਲੱਖ ਰੁਪਏ ਨੂੰ ਦੇਣ ਦਾ ਐਲਾਨ ਕੀਤਾ ਹੈ। ਇੱਥੇ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਦੱਸਿਆ ਗਿਆ ਕਿ ਇਹ ਰਾਸ਼ੀ ਉਨ੍ਹਾਂ ਦੇ ਅਖਤਿਆਰੀ ਕੋਟੇ ਵਿੱਚੋਂ ਦਿੱਤੀ ਜਾਵੇਗੀ। ਵਿਧਾਇਕ ਕੁਲਤਾਰ ਸਿੰਘ ਸੰਧਵਾਂ ਕੋਟਕਪੂਰਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਸੰਧਵਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਜ਼ਮੀਨ ਦੀ ਉਪਜਾਊ ਤਾਕਤ ਘਟਦੀ ਹੈ। ਬਿਆਨ ਮੁਤਾਬਕ ਉਨ੍ਹਾਂ ਕਿਹਾ, ‘‘ਲੋਕ ਪਰਾਲੀ ਸਾੜਨ ਦੇ ਮਾਰੂ ਅਸਰਾਂ ਬਾਰੇ ਜਾਗਰੂਕ ਹੋ ਰਹੇ ਹਨ ਅਤੇ ਉਹ ਇਹ ਪ੍ਰਥਾ ਛੱਡ ਰਹੇ ਹਨ।’’ ਸਪੀਕਰ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਲੋਕ ਇਸ ਪ੍ਰਥਾ ਨੂੰ ਪੂਰੀ ਤਰ੍ਹਾਂ ਤਿਆਗ ਦੇਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਵਾਤਾਵਰਨ ਦੀ ਸੁਰੱਖਿਆ ਲਈ ਬੂਟੇ ਲਾਉਣ ਦੀ ਅਪੀਲ ਵੀ ਕੀਤੀ।

You must be logged in to post a comment Login