ਕੋਠੀ ਦੀ ਖ਼ਰੀਦੋ-ਫਰੋਖ਼ਤ: ਹਾਈ ਕੋਰਟ ਵੱਲੋਂ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਮਨਜ਼ੂਰ

ਕੋਠੀ ਦੀ ਖ਼ਰੀਦੋ-ਫਰੋਖ਼ਤ: ਹਾਈ ਕੋਰਟ ਵੱਲੋਂ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਮਨਜ਼ੂਰ

ਮੁਹਾਲੀ, 28 ਅਪਰੈਲ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਬਹੁ-ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਕੋਠੀ ਦੀ ਖਰੀਦ ਦੇ ਪੁਰਾਣੇ ਕੇਸ ਵਿੱਚ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਪਿਛਲੇ ਦਿਨੀਂ ਮੁਹਾਲੀ ਅਦਾਲਤ ਨੇ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਸਾਬਕਾ ਡੀਜੀਪੀ ਨੇ ਹਾਈ ਕੋਰਟ ਵਿੱਚ ਮੁਹਾਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਪਿਛਲੇ ਸਾਲ 18 ਅਗਸਤ ਨੂੰ ਸਾਬਕਾ ਡੀਜੀਪੀ ਰਾਤ ਨੂੰ ਕਰੀਬ 8 ਵਜੇ ਜਾਂਚ ਵਿੱਚ ਸ਼ਾਮਲ ਹੋਣ ਆਏ ਸੀ। ਵਿਜੀਲੈਂਸ ਨੇ ਡਬਲਿੳਡਬਲਿਊਆਈਸੀਐੱਸ ਦੇ ਡਾਇਰੈਕਟਰ ਦਵਿੰਦਰ ਸਿੰਘ ਸੰਧੂ ਖ਼ਿਲਾਫ਼ 17 ਸਤੰਬਰ 2020 ਨੂੰ ਧਾਰਾ 409, 420, 465, 467, 468, 471, 120-ਬੀ ਆਈਪੀਸੀ ਅਤੇ 7 (ਏ) (ਬੀ) (ਸੀ) ਅਤੇ 7-ਏ, 13 (1) ਰ/ਵ 13(2) ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਦਰਜ ਰੀਅਲ ਅਸਟੇਟ ਨਾਲ ਜੁੜੇ ਪੁਰਾਣੇ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰੀ ਪਾ ਲਈ ਸੀ ਪਰ ਬਾਅਦ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਸੀ। ਦੇਸ਼ ਦੀ ਸਿਖਰਲੀ ਅਦਾਲਤ ਦੇ ਨਿੱਜੀ ਦਖ਼ਲ ਤੋਂ ਬਾਅਦ ਵਿਜੀਲੈਂਸ ਅਤੇ ਪੁਲੀਸ ਨੇ ਸੈਣੀ ਵਿਰੁੱਧ ਚੱਲ ਰਹੇ ਪੁਰਾਣੇ ਕੇਸਾਂ ਦੀਆਂ ਫਾਈਲਾਂ ਤੋਂ ਮਿੱਟੀ ਝਾੜਨੀ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਸਾਬਕਾ ਡੀਜੀਪੀ ਨੇ ਪੁਰਾਣੇ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਅਦਾਲਤ ਦਾ ਬੂਹਾ ਖੜਕਾਇਆ ਗਿਆ ਸੀ।

You must be logged in to post a comment Login