ਸਿਡਨੀ – ਆਸਟ੍ਰੇਲੀਆ ਵੱਸਦੇ ਪੰਜਾਬੀ ਭਾਈਚਾਰੇ ਦੇ ਲੋਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਿਡਨੀ ਸਥਿਤ ਗੁਰਦੁਆਰਾ ਗਲੇਨਵੁੱਡ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਗਲੇਨਵੁੱਡ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਕੀਰਤਨੀ ਜੱਥਿਆਂ ਵੱਲੋਂ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਦੌਰਾਨ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ। ਸਿੱਖ ਐਸੋਸੀਏਸ਼ਨ ਦੇ ਸੈਕਟਰੀ ਜਸਵੀਰ ਸਿੰਘ ਥਿੰਦ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਜੁਗੋ-ਜੁੱਗ ਅਟਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ 1604 ‘ਚ ਪ੍ਰਕਾਸ਼ ਕੀਤਾ ਗਿਆ, ਜਿਸ ਨੂੰ ਸੰਗਤ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਵਜੋਂ ਬਹੁਤ ਹੀ ਰੂਹਾਨੀਅਤ ਭਰਪੂਰ ਉਤਸ਼ਾਹ ਨਾਲ ਮਨਾਉਂਦੀ ਆ ਰਹੀ ਹੈ। ਗੁਰੂ ਘਰ ਦੀ ਸੇਵਾ ਕਰਨ ਵਾਲੇ ਬਾਬਾ ਬੁੱਢਾ ਜੀ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪਹਿਲਾ ਹੈੱਡ ਗ੍ਰੰਥੀ ਨਿਯੁਕਤ ਕੀਤਾ ਗਿਆ ਸੀ । ਉਨ੍ਹਾਂ ਅੱਗੇ ਦੇਸ਼-ਵਿਦੇਸ਼ ਵਿਚ ਰਹਿੰਦੀ ਸਮੂਹ ਸਾਧ-ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਸਰਦਾਰ ਥਿੰਦ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ 10 ਸਤੰਬਰ ਤੋਂ ਲੈ ਕੇ 16 ਸਤੰਬਰ ਤਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਇਕ ਹਫਤੇ ਦੇ ਦੀਵਾਨ ਲਾਏ ਜਾਣਗੇ, ਜਿਸ ਵਿਚ ਸਿੱਖ ਪੰਥ ਦੇ ਉੱਘੇ ਕੀਰਤਨੀ ਜੱਥੇ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰੂ ਨਾਲ ਜੁੜਨ ਦੀ ਸੇਧ ਦੇਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਜਸਵੀਰ ਸਿੰਘ ਥਿੰਦ ਸੈਕਟਰੀ, ਤਲਵਿੰਦਰ ਸਿੰਘ, ਅਮਰਜੀਤ ਸਿੰਘ, ਕੈਪਟਨ ਸੁਰਜਿੰਦਰ ਸਿੰਘ ਸੰਧੂ, ਮਹਿੰਗਾ ਸਿੰਘ ਅਤੇ ਬਲਵਿੰਦਰ ਸਿੰਘ ਚਾਹਲ ਆਦਿ ਮੌਜੂਦ ਸਨ।

You must be logged in to post a comment Login