ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਸ਼ੁਰੂ

ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਸ਼ੁਰੂ

ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਪੰਜਾਬ ਸਰਕਾਰ ਨੇ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ ਜਿਸ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਮੰਤਰੀ ਮੰਡਲ ਦੇ ਕਈ ਮੰਤਰੀ ਤੇ ਹੋਰ ਸੀਨੀਅਰ ਆਗੂ ਸ਼ਾਮਿਲ ਹੋਏ।ਸਮਾਗਮ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਖੁਸ਼ਕਿਸਮਤ ਹੈ ਜਿਸ ਨੂੰ ਗੁਰੂ ਤੇਗ ਬਹਾਦਰ ਨੂੰ ਸਮਰਪਿਤ ਯਾਦਗਾਰੀ ਸਮਾਗਮਾਂ ਦੀ ਲੜੀ ਕਰਵਾਉਣ ਦਾ ਮੌਕਾ ਮਿਲਿਆ ਹੈ। ਇਹ ਸਮਾਗਮ ਅੱਜ ਕੌਮੀ ਰਾਜਧਾਨੀ ਤੋਂ ਸ਼ੁਰੂ ਹੋਏ ਹਨ। ਗੁਰੂ ਤੇਗ਼ ਬਹਾਦਰ ਨੂੰ 1675 ਵਿੱਚ ਦਿੱਲੀ ਵਿੱਚ ਸ਼ਹੀਦ ਕੀਤਾ ਗਿਆ ਸੀ ਅਤੇ ਦੁਨੀਆ ਭਰ ਵਿੱਚ ਉਨ੍ਹਾਂ ਨੂੰ ਅਜਿਹੇ ਪਹਿਲੇ ਸ਼ਹੀਦ ਵਜੋਂ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਗੁਰੂਘਰ ਦੇ ਅਨਿਨ ਸ਼ਰਧਾਲੂ ਭਾਈ ਜੈਤਾ ਨੂੰ ਵੀ ਸ਼ਰਧਾ ਨਾਲ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਗੁਰੂ ਸਾਹਿਬ ਦਾ ਸੀਸ ਦਿੱਲੀ ਦੇ ਚਾਂਦਨੀ ਚੌਕ ਤੋਂ ਸ੍ਰੀ ਕੀਰਤਪੁਰ ਸਾਹਿਬ ਲਿਆਂਦਾ। ਭਾਈ ਲੱਖੀ ਸ਼ਾਹ ਵਣਜਾਰਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਗੁਰੂ ਸਾਹਿਬ ਦੇ ਧੜ ਨੂੰ ਬਚਾਉਣ ਲਈ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਆਪਣੇ ਘਰ ਵਿੱਚ ਹੀ ਗੁਰੂ ਸਾਹਿਬ ਦੇ ਧੜ ਦਾ ਸਸਕਾਰ ਕਰ ਦਿੱਤਾ। ਇਸ ਸਥਾਨ ’ਤੇ ਹੁਣ ਗੁਰਦੁਆਰਾ ਰਕਾਬਗੰਜ ਸਾਹਿਬ ਸੁਸ਼ੋਭਿਤ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨਿੱਜ ਲਈ ਨਹੀਂ, ਸਗੋਂ ਮਨੁੱਖਤਾ ਦੀ ਭਲਾਈ ਤੇ ਸੱਚ ਤੇ ਨਿਆਂ ਲਈ ਸਨ। ਗੁਰੂ ਤੇਗ਼ ਬਹਾਦਰ ਦੀ ਸ਼ਹਾਦਤ ਤੋਂ 24 ਸਾਲ ਬਾਅਦ 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਖਾਲਸਾ ਪੰਥ ਦੀ ਸਾਜਨਾ ਹੋਈ ਸੀ। ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਆਪਣੇ ਪੂਰੇ ਪਰਿਵਾਰ ਨੂੰ ਧਰਮ ਲਈ ਕੁਰਬਾਨ ਕਰ ਦਿੱਤਾ, ਜੋ ਪੂਰੀ ਦੁਨੀਆ ਦੇ ਇਤਿਹਾਸ ਵਿੱਚ ਇੱਕ ਲਾਸਾਨੀ ਮਿਸਾਲ ਹੈ। ਇਸ ਮਹਾਨ ਤੇ ਪਵਿੱਤਰ ਦਿਹਾੜੇ ਨੂੰ ਮਨਾਉਣ ਦਾ ਮਕਸਦ ਗੁਰੂ ਤੇਗ਼ ਬਹਾਦਰ ਦੇ ਫ਼ਲਸਫ਼ੇ ਨੂੰ ਪੂਰੀ ਦੁਨੀਆ ਵਿੱਚ ਪਹੁੰਚਾਉਣਾ ਹੈ।

You must be logged in to post a comment Login