ਗੰਭੀਰ ਅਪਰਾਧਾਂ ਲਈ 30 ਦਿਨਾਂ ਦੀ ਹਿਰਾਸਤ ’ਚ ਰਹੇ ਤਾਂ ਮੰਤਰੀਆਂ ਦੀ ਹੋਵੇਗੀ ਛੁੱਟੀ

ਗੰਭੀਰ ਅਪਰਾਧਾਂ ਲਈ 30 ਦਿਨਾਂ ਦੀ ਹਿਰਾਸਤ ’ਚ ਰਹੇ ਤਾਂ ਮੰਤਰੀਆਂ ਦੀ ਹੋਵੇਗੀ ਛੁੱਟੀ

ਨਵੀਂ ਦਿੱਲੀ, 20 ਅਗਸਤ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀਆਂ, ਮੁੱਖ ਮੰਤਰੀ ਅਤੇ ਰਾਜ ਮੰਤਰੀਆਂ ਨੂੰ ਗੰਭੀਰ ਅਪਰਾਧਾਂ ਲਈ ਲਗਾਤਾਰ 30 ਦਿਨਾਂ ਲਈ ਗ੍ਰਿਫ਼ਤਾਰ ਅਤੇ ਹਿਰਾਸਤ ਵਿੱਚ ਰੱਖਣ ਦੀ ਸੂਰਤ ਵਿੱਚ ਅਹੁਦੇ ਤੋਂ ਹਟਾਉਣ ਲਈ ਇੱਕ ਕਾਨੂੰਨੀ ਢਾਂਚਾ ਬਣਾਉਣ ਸਬੰਧੀ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਹੈ। ਸ਼ਾਹ ਜਿਵੇਂ ਹੀ ਸੰਵਿਧਾਨ 130ਵਾਂ ਸੋਧ ਬਿੱਲ ਪੇਸ਼ ਕਰਨ ਲਈ ਉੱਠੇ ਤਾਂ ਹੇਠਲੇ ਸਦਨ ਵਿੱਚ ਬੇਮਿਸਾਲ ਹੰਗਾਮਾ ਦੇਖਣ ਨੂੰ ਮਿਲਿਆ। ਸ਼ਾਹ ਨੇ ਹੰਗਾਮੇ ਦੌਰਾਨ ਹੀ ਬਿੱਲ ਪੇਸ਼ ਕੀਤਾ। ਬਿੱਲ ਨੂੰ ਵਿਚਾਰ ਚਰਚਾ ਲਈ ਸਿਲੈਕਟ ਕਮੇਟੀ ਕੋਲ ਭੇਜ ਦਿੱਤਾ ਗਿਆ ਹੈ। ਸਦਨ ਨੂੰ ਪਹਿਲਾਂ ਤਿੰਨ ਵਜੇ ਤੱਕ ਮੁਲਤਵੀ ਕੀਤਾ ਗਿਆ। ਸਦਨ ਮੁੜ ਜੁੜਿਆ ਤਾਂ ਵਿਰੋਧੀ ਧਿਰਾਂ ਵੱਲੋਂ ਰੌਲਾ ਰੱਪਾ ਜਾਰੀ ਰਹਿਣ ’ਤੇ ਸਦਨ ਦੀ ਕਾਰਵਾਈ ਸ਼ਾਮ 5 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋ ਪਹਿਲਾਂ ਜਿਵੇਂ ਹੀ ਸ਼ਾਹ ਬਿੱਲ ਪੇਸ਼ ਕਰਨ ਲਈ ਉੱਠੇ, ਤ੍ਰਿਣਮੂਲ ਕਾਂਗਰਸ ਪਾਰਟੀ ਦੇ ਨੇਤਾ ਕਲਿਆਣ ਬੈਨਰਜੀ ਦੀ ਅਗਵਾਈ ਹੇਠ ਵਿਰੋਧੀ ਸੰਸਦ ਮੈਂਬਰ ਸਦਨ ਦੇ ਐਨ ਵਿਚਾਲੇ ਆ ਗਏ, ਉਨ੍ਹਾਂ ਬਿੱਲਾਂ ਨੂੰ ਪਾੜ ਦਿੱਤਾ ਅਤੇ ਬਿੱਲ ਦੀਆਂ ਕਾਪੀਆਂ ਸ਼ਾਹ ਦੇ ਮੂੰਹ ’ਤੇ ਸੁੱਟ ਦਿੱਤੀਆਂ। ਚੇਅਰਪਰਸਨ ਅਤੇ ਪ੍ਰੀਜ਼ਾਈਡਿੰਗ ਅਫਸਰ ਨੇ ਤੁਰੰਤ ਸਦਨ ਨੂੰ ਦੁਪਹਿਰ 3 ਵਜੇ ਤੱਕ ਮੁਲਤਵੀ ਕਰ ਦਿੱਤਾ।

You must be logged in to post a comment Login