ਚੈਂਪੀਅਨ ਟੀਮ ਨੂੰ ਟਰਾਫ਼ੀ ਦੇਣ ਤੋਂ ਇਨਕਾਰ ਪਹਿਲਾਂ ਕਦੇ ਨਹੀਂ ਦੇਖਿਆ : ਸੂਰਿਆਕੁਮਾਰ

ਚੈਂਪੀਅਨ ਟੀਮ ਨੂੰ ਟਰਾਫ਼ੀ ਦੇਣ ਤੋਂ ਇਨਕਾਰ ਪਹਿਲਾਂ ਕਦੇ ਨਹੀਂ ਦੇਖਿਆ : ਸੂਰਿਆਕੁਮਾਰ

ਦੁਬਈ,  29 ਸਤੰਬਰ : ਏਸ਼ਿਆਈ ਕ੍ਰਿਕਟ ਕੌਂਸਲ(ACC) ਦੇ ਪ੍ਰਧਾਨ ਅਤੇ ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਕੋਲੋਂ ਟਰਾਫੀ ਲੈਣ ਤੋਂ ਇਨਕਾਰ ਮਗਰੋਂ ਭਾਰਤੀ ਟੀਮ ਨੂੰ ਏਸ਼ੀਆ ਕੱਪ ਦੀ ਟਰਾਫ਼ੀ ਨਾ ਦਿੱਤੇ ਜਾਣ ਤੋਂ ਬਾਅਦ ਕਪਤਾਨ ਸੂਰਿਆਕੁਮਾਰ ਯਾਦਵ ਨੇ ਕਿਹਾ ਕਿ ਜੇਤੂ ਟੀਮ ਨੂੰ ਯਾਦ ਰੱਖਿਆ ਜਾਂਦਾ ਹੈ, ਟਰਾਫੀ ਨੂੰ ਨਹੀਂ। ਐਤਵਾਰ ਨੂੰ ਏਸ਼ੀਆ ਕੱਪ ਦੇ ਫਾਈਨਲ ਵਿੱਚ ਭਾਰਤੀ ਟੀਮ ਨੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾਇਆ। ਪਹਿਲਗਾਮ ਦਹਿਸ਼ਤੀ ਹਮਲੇ ਅਤੇ ਉਸ ਤੋਂ ਬਾਅਦ ਜਵਾਬੀ ਕਾਰਵਾਈ ਵਜੋਂ ਭਾਰਤ ਸਰਕਾਰ ਦੇ ‘ਆਪ੍ਰੇਸ਼ਨ ਸਿੰਧੂਰ’ ਦੇ ਪਿਛੋਕੜ ਵਿੱਚ ਪੂਰੇ ਟੂਰਨਾਮੈਂਟ ਦੌਰਾਨ ਦੋਵਾਂ ਟੀਮਾਂ ਵਿਚਕਾਰ ਤਣਾਅ ਬਣਿਆ ਰਿਹਾ।ਸੂਰਿਆਕੁਮਾਰ ਨੇ ਮੈਚ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿਚ ਕਿਹਾ, ‘‘ਮੈਂ ਅਜਿਹਾ ਪਹਿਲਾਂ ਕਦੇ ਨਹੀਂ ਦੇਖਿਆ ਕਿ ਜੇਤੂ ਟੀਮ ਨੂੰ ਟਰਾਫ਼ੀ ਨਾ ਦਿੱਤੀ ਗਈ ਹੋਵੇ। ਪਰ ਮੇਰੇ ਲਈ ਮੇਰੇ ਖਿਡਾਰੀ ਤੇ ਸਹਿਯੋਗੀ ਸਟਾਫ਼ ਹੀ ਅਸਲ ਟਰਾਫੀ ਹਨ।’’ ਭਾਰਤੀ ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਪਾਕਿਸਤਾਨੀ ਖਿਡਾਰੀਆਂ ਨਾਲ ਹੱਥ ਨਹੀਂ ਮਿਲਾਇਆ। ਭਾਰਤ ਨੇ ਟੂਰਨਾਮੈਂਟ ਵਿੱਚ ਪਾਕਿਸਤਾਨ ਵਿਰੁੱਧ ਤਿੰਨ ਮੈਚ ਖੇਡੇ ਅਤੇ ਤਿੰਨੋਂ ਜਿੱਤੇ। ਸੂਰਿਆਕੁਮਾਰ ਨੇ ਮਗਰੋਂ ਆਪਣੇ ਇੰਸਟਾਗ੍ਰਾਮ ’ਤੇ ਲਿਖਿਆ, ‘‘ਮੈਚ ਖਤਮ ਹੋਣ ਤੋਂ ਬਾਅਦ, ਸਿਰਫ ਚੈਂਪੀਅਨ ਯਾਦ ਆਉਂਦੇ ਹਨ, ਟਰਾਫੀ ਦੀ ਤਸਵੀਰ ਨਹੀਂ।’’ ਟੀਮ ਵੱਲੋਂ ਨਕਵੀ ਤੋਂ ਟਰਾਫੀ ਲੈਣ ਤੋਂ ਇਨਕਾਰ ਕਰਨ ਬਾਰੇ ਉਨ੍ਹਾਂ ਕਿਹਾ, ‘‘ਅਸੀਂ ਇਹ ਫੈਸਲਾ ਮੈਦਾਨ ‘ਤੇ ਲਿਆ। ਕਿਸੇ ਨੇ ਸਾਨੂੰ ਅਜਿਹਾ ਕਰਨ ਲਈ ਨਹੀਂ ਕਿਹਾ।’’

You must be logged in to post a comment Login