ਮੁਹਾਲੀ, 18 ਸਤੰਬਰ- ਚੰਡੀਗੜ੍ਹ ਯੂਨੀਵਰਸਿਟੀ ਦੇ ਕੈਂਪਸ ਵਿੱਚ ਸਥਿਤ ਕੁੜੀਆਂ ਦੇ ਇਕ ਹੋਸਟਲ ਵਿੱਚ ਇਕ ਸਾਥੀ ਵਿਦਿਆਰਥਣ ਵੱਲੋਂ ਹੀ ਕੁਝ ਲੜਕੀਆਂ ਦੀ ਇਤਰਾਜ਼ਯੋਗ ਵੀਡੀਓਜ਼ ਰਿਕਾਰਡ ਕੀਤੇ ਜਾਣ ਤੇ ਵਾਇਰਲ ਕੀਤੇ ਜਾਣ ਤੋਂ ਬਾਅਦ ਵੱਡੀ ਪੱਧਰ ’ਤੇ ਰੋਹ ਭੜਕ ਗਿਆ। ਸਥਿਤੀ ਉਸ ਵੇਲੇ ਕੰਟਰੋਲ ਤੋਂ ਬਾਹਰ ਹੋ ਗਈ ਜਦੋਂ ਹੋਸਟਲ ਵਿੱਚ ਰਹਿਣ ਵਾਲੀ ਇਕ ਲੜਕੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਯੂਨੀਵਰਸਿਟੀ ਪ੍ਰਬੰਧਨ ਨੇ ਦਾਅਵਾ ਕੀਤਾ ਕਿ ਕਿਸੇ ਲੜਕੀ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ ਪਰ ਕੁਝ ਕੁੜੀਆਂ ਬੋਹੋਸ਼ ਜ਼ਰੂਰ ਹੋ ਗਈਆਂ ਸਨ। ਉੱਧਰ, ਪੁਲੀਸ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਮੁਲਜ਼ਮ ਕੋਲੋਂ ਕੋਈ ਇਤਰਾਜ਼ਯੋਗ ਵੀਡੀਓ ਨਹੀਂ ਮਿਲੀ ਹੈ ਬਲਕਿ ਉਸ ਨੇ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਆਪਣੇ ਇਕ ਦੋਸਤ ਨਾਲ ਆਪਣੀ ਹੀ ਵੀਡੀਓ ਸਾਂਝੀ ਕੀਤੀ ਸੀ। ਪੁਲੀਸ ਦਾ ਕਹਿਣਾ ਹੈ ਕਿ ਉਸ ਵਿਅਕਤੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਹੋਸਟਲ ਦੇ ਬਾਥਰੂਮ ਵਿੱਚ ਕੁੜੀਆਂ ਦੀ ਭੇਤਭਰੇ ਢੰਗ ਨਾਲ ਕੁਝ ਵੀਡੀਓਜ਼ ਰਿਕਾਰਡ ਕੀਤੇ ਜਾਣ ਤੇ ਆਨਲਾਈਨ ਵਾਇਰਲ ਹੋਣ ਦਾ ਪਤਾ ਲੱਗਣ ਤੋਂ ਬਾਅਦ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਇਹ ਰੋਹ ਭੜਕਿਆ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਯੂਨੀਵਰਸਿਟੀ ਦੇ ਕੁੜੀਆਂ ਦੇ ਇਕ ਹੋਸਟਲ ਵਿੱਚ ਰਹਿਣ ਵਾਲੀਆਂ ਤਿੰਨ ਲੜਕੀਆਂ ਨੇ ਵਾਰਡਨ ਕੋਲ ਪਹੁੰਚ ਕੀਤੀ ਅਤੇ ਦਾਅਵਾ ਕੀਤਾ ਕਿ ਹੋਸਟਲ ਵਿੱਚ ਰਹਿਣ ਵਾਲੇ ਕਿਸੇ ਲੜਕੀ ਵੱਲੋਂ ਇਤਰਾਜ਼ਯੋਗ ਵੀਡੀਓਜ਼ ਬਣਾਈਆਂ ਗਈਆਂ ਹਨ। ਉੱਧਰ, ਵਾਰਡਨ ਨੇ ਕਿਹਾ ਕਿ ਉਨ੍ਹਾਂ ਹੋਸਟਲ ਦੀਆਂ ਕੁੜੀਆਂ ਵੱਲੋਂ ਲਗਾਏ ਗਏ ਦੋਸ਼ਾਂ ਅਨੁਸਾਰ ਮਾਮਲੇ ਦੀ ਪੜਤਾਲ ਕੀਤੀ ਪਰ ਕੋਈ ਇਤਰਾਜ਼ਯੋਗ ਵੀਡੀਓ ਨਹੀਂ ਮਿਲੀ। ਯੂਨੀਵਰਸਿਟੀ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕਿਸੇ ਲੜਕੀ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ, ਪਰ ਕੁਝ ਲੜਕੀਆਂ ਬੇਹੋਸ਼ ਜ਼ਰੂਰ ਹੋਈਆਂ ਸਨ। ਉਨ੍ਹਾਂ ਨੂੰ ਮੁੱਢਲੀ ਮੈਡੀਕਲ ਸਹਾਇਤਾ ਦੇਣ ਮਗਰੋਂ ਵਾਪਸ ਕੈਂਪਸ ਭੇਜ ਦਿੱਤਾ ਗਿਆ। ਘਟਨਾ ਸਬੰਧੀ ਸਾਰੇ ਵੇਰਵੇ ਪੁਲੀਸ ਨੂੰ ਦੇ ਦਿੱਤੇ ਗਏ ਹਨ।
ਉੱਧਰ, ਇਸ ਸਬੰਧੀ ਯੂਨੀਵਰਸਿਟੀ ਦੇ ਚਾਂਸਲਰ ਸਤਿਨਾਮ ਸਿੰਘ ਸੰਧੂ ਨੇ ਕਿਹਾ, ‘‘ਮੈਨੂੰ ਅਜੇ ਘਟਨਾ ਦੀ ਵਿਸਥਾਰ ਵਿੱਚ ਜਾਣਕਾਰੀ ਨਹੀਂ ਮਿਲੀ ਹੈ। ਲੰਘੀ ਰਾਤ ਇਹ ਰੋਹ ਭੜਕਿਆ ਸੀ ਅਤੇ ਵਿਦਿਆਰਥੀਆਂ ਨੂੰ ਸਪੱਸ਼ਟੀਕਰਨ ਦਿੱਤਾ ਜਾ ਚੁੱਕਾ ਹੈ। ਪੁਲੀਸ ਦੀ ਮਦਦ ਨਾਲ ਅਸੀਂ ਇਸ ਦੀ ਡੂੰਘਾਈ ਨਾਲ ਪੜਤਾਲ ਕਰ ਰਹੇ ਹਾਂ।’’
ਉੱਧਰ, ਮੁਹਾਲੀ ਜ਼ਿਲ੍ਹੇ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਕਿਹਾ ਕਿ ਅਜੇ ਤਾਈਂ ਮੁਲਜ਼ਮ ਕੋਈ ਇਤਰਾਜ਼ਯੋਗ ਵੀਡੀਓ ਨਹੀਂ ਮਿਲੀ ਹੈ। ਅਸੀਂ ਫਿਰ ਵੀ ਇੱਥੇ ਇਕ ਕੇਂਦਰ ਬਣਾ ਰਹੇ ਹਨ, ਜੇਕਰ ਕਿਸੇ ਵੀ ਵਿਦਿਆਰਥੀ ਕੋਲ ਕੋਈ ਸਬੂਤ ਜਾਂ ਸਵਾਲ ਹੈ ਤਾਂ ਉਹ ਇਸ ਕੇਂਦਰ ਨਾਲ ਸੰਪਰਕ ਕਰ ਸਕਦਾ ਹੈ। ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ’ਚ ਕੋਈ ਮੌਤ ਹੋਣ ਦੀ ਕੋਈ ਖ਼ਬਰ ਨਹੀਂ ਹੈ। ਉਨ੍ਹਾਂ ਕਿਹਾ, ‘‘ਵੀਡੀਓ ਬਣਾਉਣ ਦੀ ਕਥਿਤ ਦੋਸ਼ੀ ਲੜਕੀ ਨੂੰ ਹਿਰਾਸਤ ’ਚ ਲਿਆ ਗਿਆ ਹੈ। ਇਸ ਸਬੰਧੀ ਐੱਫਆਈਆਰ ਦਰਜ ਕਰ ਲਈ ਗਈ ਹੈ। ਐੱਸਐੱਸਪੀ ਵਿਵੇਕਸ਼ੀਲ ਸੋਨੀ ਮੀਡੀਆ ਤੇ ਵਿਦਿਆਰਥਣਾਂ ਨੂੰ ਬਿਆਨ ਦੇਣ ਲਈ ਚੰਡੀਗੜ੍ਹ ਯੂਨੀਵਰਸਿਟੀ ਪਹੁੰਚ ਰਹੇ ਹਨ। ਇਤਰਾਜ਼ਯੋਗ ਵੀਡੀਓਜ਼ ਨੂੰ ਵਾਇਰਲ ਹੋਣ ਤੋਂ ਰੋਕਣ ਲਈ ਸਾਰੇ ਲੋੜੀਂਦੇ ਕਦਮ ਉਠਾਏ ਜਾਣਗੇ। ਮੈਂ ਸਾਰਿਆਂ ਨੂੰ ਵੀਡੀਓਜ਼ ਨੂੰ ਵਾਇਰਲ ਨਾ ਕਰਨ ਅਤੇ ਅਫਵਾਹਾਂ ਨਾ ਫੈਲਾਉਣ ਦੀ ਅਪੀਲ ਕਰਦਾ ਹਾਂ।’’
ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੂੰ ਨਿਆਂ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਮਾਮਲੇ ਦੀ ਵਿਸਥਾਰ ਨਾਲ ਜਾਂਚ ਕਰਨਗੇ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
You must be logged in to post a comment Login