ਅੰਮ੍ਰਿਤਸਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ‘ਚ ਬੀਤੇ ਦਿਨ ਹੋਏ ਟਰੇਨ ਹਾਦਸੇ ਦੇ 16 ਘੰਟਿਆਂ ਬਾਅਦ ਜਾਇਜ਼ਾ ਲੈਣ ਲਈ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਹਸਪਤਾਲ, ਸਿਵਲ ਹਸਪਤਾਲ ਅਤੇ ਅਮਨ ਹਸਪਤਾਲ ‘ਚ ਜ਼ਖਮੀਆਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਕੈਪਟਨ ਨੇ ਪੀੜਤਾਂ ਲਈ ਪ੍ਰਸ਼ਾਸਨ ਨੂੰ ਤਿੰਨ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਦੇ ਨਾਲ ਸੁਨੀਲ ਜਾਖੜ ਸਮੇਤ ਡੀ. ਜੀ. ਪੀ. ਸੁਰੇਸ਼ ਅਰੋੜਾ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮੌਜੂਦ ਸਨ। ਇਕ ਪਾਸੇ ਜਿੱਥੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਕੈਪਟਨ ਨੇ ਜ਼ਖਮੀਆਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ, ਉਥੇ ਹੀ ਉਨ੍ਹਾਂ ਨੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਆਉਣ ਦੀ ਮੰਗ ਕਰਦੇ ਹੋਏ ਕਿਹਾ ਕਿ ਇਹ ਸਮਾਂ ਤੂੰ-ਤੂੰ, ਮੈਂ-ਮੈਂ ਦਾ ਨਹੀਂ ਹੈ ਸਗੋਂ ਇਕੱਠੇ ਹੋ ਕੇ ਮਦਦ ਕਰਨ ਦਾ ਸਮਾਂ ਹੈ। ਉਨ੍ਹਾਂ ਨੇ ਕਿਹਾ ਕਿ ਰਾਜਨੀਤੀ ਕਰਨ ਦੀ ਬਜਾਏ ਸਾਰੀਆਂ ਪਾਰਟੀਆਂ ਇਕੱਠੇ ਆ ਕੇ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਹਾਦਸੇ ਦੇ ਨਾਲ ਪੂਰੇ ਹਿੰਦੋਸਤਾਨ ਨੂੰ ਡੂੰਘਾ ਦੁੱਖ ਪੁੱਜਿਆ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਹਾਦਸੇ ਲਈ ਨਿਆਂਇਕ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ 4 ਹਫਤਿਆਂ ‘ਚ ਹਰ ਪਹਿਲੂ ‘ਤੇ ਜਾਂਚ ਕੀਤੀ ਜਾਵੇਗੀ ਅਤੇ ਜਾਂਚ ‘ਚ ਸਾਫ ਹੋਵੇਗਾ ਕਿ ਪ੍ਰੋਗਰਾਮ ਦੀ ਇਜਾਜ਼ਤ ਦਿੱਤੀ ਗਈ ਸੀ ਜਾਂ ਨਹੀ। ਕੈਪਨਟ ਨੇ ਮ੍ਰਿਤਕਾਂ ਲਈ ਤਿੰਨ ਕਰੋੜ ਰੁਪਏ ਦੀ ਰਾਹਤ ਤੁਰੰਤ ਅੰਮ੍ਰਿਤਸਰ ਦੇ ਡੀ. ਸੀ. ਨੂੰ ਪਹੁੰਚਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਰੇਲਵੇ ਵਿਭਾਗ ਆਪਣੇ ਪੱਧਰ ‘ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਰੇਲ ਟਰੈਕ ਦੇ ਕੋਲ ਅਜਿਹੇ ਪ੍ਰੋਗਰਾਮ ਨਾ ਕਰਵਾਏ ਜਾਣ।

You must be logged in to post a comment Login