ਟੋਰਾਂਟੋ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 17 ਜ਼ਖਮੀ

ਟੋਰਾਂਟੋ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 17 ਜ਼ਖਮੀ

ਵੈਨਕੂਵਰ, 18 ਫਰਵਰੀ- ਸੋਮਵਾਰ ਨੂੰ ਟੋਰਾਂਟੋ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਤਰਨ ਦੀ ਕੋਸ਼ਿਸ਼ ਕਰਦੇ ਹੋਏ ਡੈਲਟਾ ਏਅਰਲਾਈਨਜ਼ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ ਘੱਟੋ-ਘੱਟ 17 ਯਾਤਰੀ ਜ਼ਖਮੀ ਹੋ ਗਏ, ਜਿਸ ਉਪਰੰਤ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਡੈਲਟਾ ਏਅਰ ਲਾਈਨਜ਼ ਨੇ ਇੱਕ ਬਿਆਨ ਵਿੱਚ ਕਿਹਾ, “ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਜ਼ਖਮੀ ਹੋਏ 17 ਸਵਾਰੀਆਂ ਨੂੰ ਖੇਤਰ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ। ਜ਼ਖਮੀਆਂ ਵਿਚੋਂ ਇੱਕ ਬੱਚੇ ਸਮੇਤ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਅਮਰੀਕਾ ਦੇ ਸ਼ਹਿਰ ਮਿਨੀਐਪਲਿਸ ਤੋਂ ਆਏ ਜਹਾਜ਼ ਵਿੱਚ ਅਮਲੇ ਦੇ ਚਾਰ ਮੈਂਬਰ ਅਤੇ 76 ਯਾਤਰੀ ਸਵਾਰ ਸਨ। ਦੁਪਹਿਰ ਢਾਈ ਕੁ ਵਜੇ ਵਾਪਰੇ ਹਾਦਸੇ ਤੋਂ ਬਾਅਦ ਹਵਾਈ ਅੱਡਾ ਉਡਾਣਾਂ ਦੇ ਉੱਡਣ ਜਾਂ ਉਤਰਨ ਲਈ ਤਿੰਨ ਘੰਟੇ ਬੰਦ ਰੱਖਣਾ ਪਿਆ ਤਾਂ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਹੋ ਸਕੇ। ਇਸ ਦੌਰਾਨ 100 ਤੋਂ ਵੱਧ ਉਡਾਣਾਂ ਪ੍ਰਭਾਵਿਤ ਹੋਈਆਂ ਜਿਨ੍ਹਾਂ ਚੋਂ 48 ਵੱਡੇ ਜਹਾਜਾਂ ਨੂੰ ਮੌਟਰੀਅਲ ਅਤੇ ਓਟਵਾ ਹਵਾਈ ਅੱਡਿਆਂ ਵੱਲ ਭੇਜਿਆ ਗਿਆ ਤੇ ਛੋਟੇ ਜਹਾਜਾਂ ਨੂੰ ਲੰਡਨ, ਵਿੰਡਸਰ ਆਦਿ ਨੇੜਲੇ ਹਵਾਈ ਅੱਡਿਆਂ ਤੇ ਉਤਾਰਿਆ ਗਿਆ।

You must be logged in to post a comment Login