ਚੰਡੀਗੜ੍ਹ, 8 ਜਨਵਰੀ- ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਆਪਣੇ ਪਹਿਲੇ ਸਾਲ ਦੇ ਕਾਰਜਕਾਲ ਅੰਦਰ ਹੀ ਮੰਤਰੀ ਮੰਡਲ ਵਿੱਚ ਤੀਜਾ ਵੱਡਾ ਫੇਰਬਦਲ ਕਰ ਦਿੱਤਾ ਹੈ। ਸਰਕਾਰ ਨੇ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਵਿੱਚ ਘਿਰੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਤੋਂ ਅਸਤੀਫ਼ਾ ਲੈਣ ਤੋਂ ਕੁਝ ਸਮੇਂ ਬਾਅਦ ਹੀ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਨੂੰ ਕੈਬਨਿਟ ਵਿੱਚ ਸ਼ਾਮਲ ਕਰ ਲਿਆ। ਡਾ. ਬਲਬੀਰ ਸਿੰਘ ਨੂੰ ਅੱਜ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ’ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਹਲਫ਼ ਦਿਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਹਾਜ਼ਰ ਰਹੇ। ਪੰਜਾਬ ਵਿੱਚ ਇਹ ਸਾਰਾ ਸਿਆਸੀ ਘਟਨਾਕ੍ਰਮ ਅਚਨਚੇਤ ਵਾਪਰਿਆ ਹੈ ਜਦੋਂ ਅੱਜ ਸਵੇਰੇ ਅਚਾਨਕ ਹੀ ਕੈਬਨਿਟ ਮੰਤਰੀ ਫੌਜੀ ਸਿੰਘ ਸਰਾਰੀ ਤੋਂ ਅਸਤੀਫ਼ਾ ਲੈਣ ਤੋਂ ਕੁਝ ਘੰਟਿਆਂ ਬਾਅਦ ਹੀ ਡਾ. ਬਲਬੀਰ ਸਿੰਘ ਨੂੰ ਕੈਬਨਿਟ ਮੰਤਰੀ ਬਣਾ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਫੌਜੀ ਸਿੰਘ ਸਰਾਰੀ ਦਾ ਆਡੀਓ ਕਲਿੱਪ ਵਾਇਰਲ ਹੋਇਆ ਸੀ, ਜਿਸ ਵਿੱਚ ਉਨ੍ਹਾਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਸਰਾਰੀ ਵੱਲੋਂ ਅਸਤੀਫ਼ਾ ਦੇਣ ਦੇ ਕਾਰਨਾਂ ਨੂੰ ਨਿੱਜੀ ਦੱਸਿਆ ਜਾ ਰਿਹਾ ਹੈ। ਸਰਾਰੀ ਦਾ ਕਹਿਣਾ ਹੈ ਕਿ ਉਹ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਤੇ ਇਸੇ ਤਰ੍ਹਾਂ ਕੰਮ ਕਰਦੇ ਰਹਿਣਗੇ।
ਸੂਬਾ ਸਰਕਾਰ ਨੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੋਂ ਸਾਰੇ ਵਿਭਾਗ ਲੈ ਕੇ ਡਾ. ਬਲਬੀਰ ਸਿੰਘ ਨੂੰ ਸੌਂਪ ਦਿੱਤੇ ਹਨ। ਹੁਣ ਡਾ. ਬਲਬੀਰ ਸਿੰਘ ਕੋਲ ਸਿਹਤ ਅਤੇ ਪਰਿਵਾਰ ਭਲਾਈ, ਸਿਹਤ ਸਿੱਖਿਆ ਤੇ ਖੋਜ ਅਤੇ ਚੋਣਾਂ ਦਿੱਤੀਆਂ ਗਈਆਂ ਹਨ। ਜਦਕਿ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੂੰ ਫੌਜਾ ਸਿੰਘ ਸਰਾਰੀ ਵਾਲੇ ਵਿਭਾਗਾਂ ਫੂਡ ਪ੍ਰੋਸੈਸਿੰਗ, ਬਾਗਬਾਨੀ ਦੇ ਨਾਲ-ਨਾਲ ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਹੈ। ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ 19 ਮਾਰਚ 2022 ਨੂੰ ਵਿਧਾਨ ਸਭਾ ਹਲਕਾ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ, ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ, ਜੰਡਿਆਲਾ ਤੋਂ ਵਿਧਾਇਕ ਹਰਭਜਨ ਸਿੰਘ ਈਟੀਓ, ਮਾਨਸਾ ਤੋਂ ਵਿਧਾਇਕ ਡਾ. ਵਿਜੈ ਸਿੰਗਲਾ, ਭੋਆ ਤੋਂ ਵਿਧਾਇਕ ਲਾਲ ਚੰਦ, ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਬਤੌਰ ਕੈਬਨਿਟ ਮੰਤਰੀ ਸਹੁੰ ਚੁੱਕੀ ਸੀ। ਉਸ ਤੋਂ ਬਾਅਦ ਕੈਬਨਿਟ ਵਿੱਚ ਵਾਧਾ ਕਰਦਿਆਂ ਡਾ. ਇੰਦਰਬੀਰ ਨਿੱਝਰ, ਅਮਨ ਅਰੋੜਾ, ਚੇਤਨ ਜੌੜਾਮਾਜਰਾ ਅਤੇ ਅਨਮੋਲ ਗਗਨ ਮਾਨ ਨੂੰ ਸ਼ਾਮਲ ਕੀਤਾ ਗਿਆ। ਇਸ ਤੋਂ ਬਾਅਦ ਪਾਰਟੀ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਸਿਹਤ ਮੰਤਰੀ ਦੇ ਅਹੁਦੇ ’ਤੇ ਤਾਇਨਾਤ ਡਾ. ਵਿਜੈ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਾਹਰ ਕਰ ਦਿੱਤਾ ਸੀ ਤੇ ਹੁਣ ਫੌਜਾ ਸਿੰਘ ਸਰਾਰੀ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
You must be logged in to post a comment Login