ਤਖ਼ਤ ਕੇਸਗੜ੍ਹ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ

ਤਖ਼ਤ ਕੇਸਗੜ੍ਹ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ

ਸ੍ਰੀ ਆਨੰਦਪਰ ਸਾਹਿਬ, 1 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੂਰੇ ਪੰਜਾਬ ‘ਚ ਪਹਿਲੀ ਦਸੰਬਰ ਤੋਂ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸੇ ਲੜੀ ਤਹਿਤ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਇਹ ਮੁਹਿੰਮ ਸ਼ੁਰੂ ਹੋਈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਸਮੇਤ ਵੱਡੀ ਗਿਣਤੀ ਵਿਚ ਇੱਕਠੇ ਹੋਏ ਲੋਕਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਫਾਰਮ ਭਰੇ ਗਏ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਪਿਛਲੇ ਕਈ ਸਾਲਾਂ ਤੋਂ ਜੇਲ੍ਹਾਂ ‘ਚ ਬੰਦ ਸਿੰਘਾਂ ਦੀ ਰਿਹਾਈ ਲਈ ਵੀਰਵਾਰ ਨੂੰ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਹਸਤਾਖਰ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਨੂੰ ਹਰ ਸ਼ਹਿਰ, ਹਰ ਪਿੰਡ, ਹਰ ਮੁਹੱਲੇ ਤੇ ਹਰ ਘਰ ਤਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੇਂਦਰੀ ਦੀ ਸੁੱਤੀ ਸਰਕਾਰ ਨਾ ਜਾਗੀ ਤਾਂ ਲੋੜ ਪੈਣ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਵੱਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਸਾਰੇ ਧਰਮਾਂ ਦੇ ਲੋਕਾਂ, ਸਮੂਹ ਸਿੱਖ ਸਮਰਦਾਵਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਧਰਮ, ਜਾਤ ਤੇ ਕਿਸੇ ਵੀ ਭੇਦਭਾਵ ਤੋਂ ਉੱਪਰ ਉੱਠ ਕੇ ਬੰਦੀ ਸਿੰਘਾਂ ਦੇ ਮੁੱਦੇ ਤੇ ਸ਼੍ਰੋਮਣੀ ਕਮੇਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਸ੍ਰੀ ਧਾਮੀ ਨੇ ਕਿਹਾ ਜੇਕਰ ਇਸ ਮਸਲੇ ਸਬੰਧੀ ਲੋੜ ਪਈ ਤਾਂ ਉਹ ਇਸ ਮੁੱਦੇ ਨੂੰ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਵਿੱਚ ਵੀ ਲੈ ਕੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਖਾਲਸਾ ਪੰਥ ਦਾ ਜਨਮ ਅਸਥਾਨ ਹੈ ਤੇ ਇਸੇ ਧਰਤੀ ਤੋਂ ਦਿੱਲੀ ਜਾ ਕੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਾਨਵਤਾ ਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਬਲੀਦਾਨ ਦਿੱਤਾ ‘ਤੇ ਅੱਜ ਇਸੇ ਧਰਤੀ ਤੋਂ ਮਨੁੱਖੀ ਹੱਕਾਂ ਦੀ ਰਾਖੀ ਲਈ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚੋਂ ਰਿਹਾਅ ਕਰਵਾਉਣ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।

You must be logged in to post a comment Login