ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੰਬਈ ’ਚ ਕੰਗਣਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੰਬਈ ’ਚ ਕੰਗਣਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ

ਮੁੰਬਈ, 22 ਨਵੰਬਰ : ਸਿੱਖ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਮਵਾਰ ਨੂੰ ਮੁੰਬਈ ਵਿੱਚ ਸ਼ਿਕਾਇਤ ਦਰਜ ਕਰਵਾ ਕੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਰਣੌਤ ਨੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਵਿੱਚ ਸਿੱਖ ਭਾਈਚਾਰੇ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ। ਖਾਰ ਪੁਲੀਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਤੋਂ ਇੱਕ ਸ਼ਿਕਾਇਤ ਮਿਲੀ ਸੀ ਅਤੇ ਉਹ ਇਸ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਡੀਐੱਸਜੀਐੱਮਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ, ਡੀਐੱਸਜੀਐੱਮਸੀ ਨੇ ਜ਼ਿਕਰ ਕੀਤਾ ਕਿ ਰਣੌਤ ਨੇ ਜਾਣਬੁੱਝ ਕੇ ਕਿਸਾਨਾਂ ਦੇ ਵਿਰੋਧ (ਕਿਸਾਨ ਮੋਰਚੇ) ਨੂੰ ਖ਼ਾਲਿਸਤਾਨੀ ਅੰਦੋਲਨ ਵਜੋਂ ਦਰਸਾਇਆ ਅਤੇ ਸਿੱਖ ਭਾਈਚਾਰੇ ਨੂੰ ਖ਼ਾਲਿਸਤਾਨੀ ਅਤਿਵਾਦੀ ਕਰਾਰ ਦਿੱਤਾ। ਅਧਿਕਾਰੀ ਨੇ ਸ਼ਿਕਾਇਤ ਦੇ ਹਵਾਲੇ ਨਾਲ ਕਿਹਾ ਕਿ ਇਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਸ ਨੇ 1984 ਅਤੇ ਇਸ ਤੋਂ ਪਹਿਲਾਂ ਦੀ ਨਸਲਕੁਸ਼ੀ ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਯੋਜਨਾਬੱਧ ਕਦਮ ਦੱਸਿਆ ਸੀ।

You must be logged in to post a comment Login