ਦੇਸ਼ ਵਿੱਚ ਦਲਿਤਾਂ ’ਤੇ ਅੱਤਿਆਚਾਰ ਹੋ ਰਿਹੈ: ਰਾਹੁਲ ਗਾਂਧੀ

ਦੇਸ਼ ਵਿੱਚ ਦਲਿਤਾਂ ’ਤੇ ਅੱਤਿਆਚਾਰ ਹੋ ਰਿਹੈ: ਰਾਹੁਲ ਗਾਂਧੀ

ਨਵੀਂ ਦਿੱਲੀ, 14 ਅਕਤੂਬਰ :ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਹਰਿਆਣਾ ਦੇ ਆਈਪੀਐੱਸ ਅਧਿਕਾਰੀ ਮਰਹੂਮ ਵਾਈ. ਪੂਰਨ ਕੁਮਾਰ ਦੀ ਆਈਏਐੱਸ ਪਤਨੀ ਅਮਨੀਤ ਪੀ.ਕੁਮਾਰ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ।ਇਸ ਮੁਲਾਕਾਤ ਮਗਰੋਂ ਆਈਏਐੱਸ ਅਧਿਕਾਰੀ ਦੀ ਰਿਹਾਇਸ਼ ਦੇ ਬਾਹਰ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਵਿੱਚ ਦਲਿਤਾਂ ’ਤੇ ਅੱਤਿਆਚਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਇੱਕ ਪਰਿਵਾਰ ਦਾ ਨਹੀਂ ਬਲਕਿ ਦੇਸ਼ ਦੇ ਕਰੋੜਾਂ ਦਲਿਤਾਂ ਨਾਲ ਜੁੜਿਆ ਹੋਇਆ ਮਸਲਾ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਤੋਂ ਸਾਫ਼ ਹੈ ਕਿ ਕਿਵੇਂ ਇੱਕ ਅਧਿਕਾਰੀ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਪ੍ਰੇਸ਼ਾਨੀ ਦੇ ਇਸੇ ਦਬਾਅ ਵਿਚ ਆ ਕੇ ਆਈਪੀਐੱਸ ਅਧਿਕਾਰੀ ਨੇ ਖੁਦਕੁਸ਼ੀ ਕਰ ਲਈ। ਰਾਹੁਲ ਗਾਂਧੀ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਪੀੜਤ ਪਰਿਵਾਰ ਨਾਲ ਕੀਤਾ ਗਿਆ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੋਲੋਂ ਮੰਗ ਕੀਤੀ ਕਿ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਵਾਈ. ਪੂਰਨ ਕੁਮਾਰ ਦਾ ਸਸਕਾਰ ਕਰਵਾਇਆ ਜਾਵੇ। ਰਾਹੁਲ ਗਾਂਧੀ ਨੇ ਕਿਹਾ ਕਿ ਪੀੜਤ ਪਰਿਵਾਰ ਦੀ ਵੀ ਇਹੀ ਮੰਗ ਹੈ ਕਿ ਉਨ੍ਹਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇ ਅਤੇ ਉਕਤ ਮਾਮਲੇ ਵਿੱਚ ਸ਼ਾਮਲ ਅਧਿਕਾਰੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਭੁਪਿੰਦਰ ਹੁੱਡਾ, ਕੁਮਾਰੀ ਸ਼ੈਲਜਾ ਤੇ ਹਰਿਆਣਾ ਕਾਂਗਰਸ ਨਾਲ ਸਬੰਧਤ ਹੋਰ ਆਗੂ ਵੀ ਮੌਜੂਦ ਸਨ। ਆਈਪੀਐੱਸ ਅਧਿਕਾਰੀ ਵਾਈ.ਪੂਰਨ ਕੁਮਾਰ ਨੇ ਪਿਛਲੇ ਹਫ਼ਤੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਖ਼ੁਦਕੁਸ਼ੀ ਕਰ ਲਈ ਸੀ।

You must be logged in to post a comment Login