ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਦਿੱਤੇ ਗਏ ਫੈਸਲੇ ਤੋਂ ਬਾਅਦ ਇਕਦਮ ਚੋਣਾਂ ਟਾਲੇ ਜਾਣ ਸਬੰਧੀ ਛਿੜੀਆਂ ਚਰਚਾਵਾਂ `ਤੇ ਰਾਜ ਚੋਣ ਕਮਿਸ਼ਨ ਨੇ ਵਿਸ਼ਰਾਮ ਚਿੰਨ੍ਹ ਲਗਾ ਦਿੱਤਾ। ਇਸ ਸਬੰਧੀ ਰਾਜ ਚੋਣ ਕਮਿਸ਼ਨ ਨੇ ਕਿਹਾ ਕਿ ਚੋਣਾਂ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ, ਨਿਸ਼ਚਿਤ ਸਮੇਂ ਅਨੁਸਾਰ ਹੀ ਹੋਣਗੀਆਂ। ਰਾਜ ਚੋਣ ਕਮਿਸ਼ਨ ਜਗਪਾਲ ਸਿੰਘ ਸੰਧੂ ਨੇ ਕਿਹਾ ਕਿ ਚੋਣਾਂ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਦਿੱਤੇ ਗਏ ਫੈਸਲੇ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ ਦਿੱਤੀਆਂ ਗਈਆਂ ਸਿ਼ਕਾਇਤਾਂ ਦਾ ਹੱਲ ਕਰਨ ਤੋਂ ਬਾਅਦ ਬਾਕੀ ਪ੍ਰਕਿਰਿਆ ਜਾਰੀ ਰਹੇਗੀ, ਚੋਣਾਂ `ਚ ਕਿਸੇ ਤਰ੍ਹਾਂ ਦੀ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਫੈਸਲੇ ਆਉਣ ਤੋਂ ਬਾਅਦ ਜਿਨ੍ਹਾਂ ਉਮੀਦਵਾਰਾਂ ਨੇ ਸਿ਼ਕਾਇਤਾਂ ਦਿੱਤੀਆਂ ਹਨ, ਉਨ੍ਹਾਂ ਦਾ ਆਰ ਓਜ਼ ਵੱਲੋਂ 48 ਘੰਟਿਆਂ `ਚ ਨਿਪਟਾਰਾ ਕਰ ਦਿੱਤਾ ਜਾਵੇਗਾ। ਜਿ਼ਕਰਯੋਗ ਹੈ ਕਿ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਫੈਸਲੇ ਸਬੰਧੀ ਰਿਵਿਊ ਪਟੀਸ਼ਨ `ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਇਹ ਸਰਕਾਰ ਦਾ ਫੈਸਲਾ ਹੈ ਕਿ ਚੋਣ ਕਰਵਾਉਣੀ ਹੈ ਜਾਂ ਫਿਰ ਮੁਲਤਵੀ ਕਰਨੀ ਹੈ।

You must be logged in to post a comment Login