ਨਵੀਂ ਦਿੱਲੀ, 28 ਜੂਨ- ਲੋਕ ਸਭਾ ਵਿੱਚ ਅੱਜ ਵਿਰੋਧੀ ਧਿਰ ਦੇ ਮੈਂਬਰਾਂ ਨੇ ਨੀਟ-ਯੂਜੀ ਦੀ ਪ੍ਰੀਖਿਆ ਵਿੱਚ ਕਥਿਤ ਅਨਿਯਮਤਾਵਾਂ ਬਾਰੇ ਚਰਚਾ ਕਰਵਾਉਣ ਦੀ ਮੰਗ ਨੂੰ ਲੈ ਕੇ ਹੰਗਾਮਾ ਕੀਤਾ ਜਿਸ ਕਾਰਨ ਸਦਨ ਦੀ ਕਾਰਵਾਈ ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਸਾਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ’ਤੇ ਚਰਚਾ ਤੋਂ ਪਹਿਲਾਂ ਨੀਟ ਦੇ ਮਾਮਲੇ ’ਤੇ ਸਦਨ ਵਿੱਚ ਚਰਚਾ ਕਰਾਉਣੀ ਚਾਹੀਦੀ ਹੈ, ਪਰ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਰਾਸ਼ਟਰਪਤੀ ਭਾਸ਼ਣ ਤੋਂ ਬਾਅਦ ਸਭ ਤੋਂ ਪਹਿਲਾਂ ਇਸ ’ਤੇ ਲਿਆਂਦੇ ਗਏ ਧੰਨਵਾਦ ਮਤੇ ’ਤੇ ਚਰਚਾ ਹੁੰਦੀ ਹੈ ਅਤੇ ਵੱਖਰੇ ਤੌਰ ’ਤੇ ਕਿਸੇ ਵਿਸ਼ੇ ’ਤੇ ਚਰਚਾ ਦੀ ਰਵਾਇਤ ਨਹੀਂ ਰਹੀ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸਦਨ ਦੀ ਕਾਰਵਾਈ ਚਲਾਉਣ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਉਹ ਭਾਸ਼ਣ ’ਤੇ ਚਰਚਾ ਦੌਰਾਨ ਨੀਟ ਤੇ ਹੋਰ ਸਾਰੇ ਵਿਸ਼ੇ ਉਠਾ ਸਕਦੇ ਹਨ। ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 12 ਵਜੇ ਮੁੜ ਤੋਂ ਸ਼ੁਰੂ ਹੋਈ ਸਦਨ ਦੀ ਕਾਰਵਾਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਕੀਤੇ ਗਏ ਹੰਗਾਮੇ ਕਾਰਨ ਕਰੀਬ 12.07 ਵਜੇ ਮੁੜ ਤੋਂ ਪਹਿਲੀ ਜੁਲਾਈ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਇਸੇ ਤਰ੍ਹਾਂ ਰਾਜ ਸਭਾ ਦੀ ਕਾਰਵਾਈ ਵੀ ਇਸ ਹੰਗਾਮੇ ਕਾਰਨ ਪਹਿਲਾਂ 12 ਵਜੇ ਤੱਕ ਤੇ ਫਿਰ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login