ਪਤੰਜਲੀ ਇਸ਼ਤਿਹਾਰ ਮਾਮਲਾ: ਸੁਪਰੀਮ ਕੋਰਟ ਨੇ ਰਾਮਦੇਵ ਤੇ ਬਾਲਕ੍ਰਿਸ਼ਨ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ

ਪਤੰਜਲੀ ਇਸ਼ਤਿਹਾਰ ਮਾਮਲਾ: ਸੁਪਰੀਮ ਕੋਰਟ ਨੇ ਰਾਮਦੇਵ ਤੇ ਬਾਲਕ੍ਰਿਸ਼ਨ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ

ਨਵੀਂ ਦਿੱਲੀ, 19 ਮਾਰਚ- ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੇਦ ਉਤਪਾਦਾਂ ਦੇ ਇਸ਼ਤਿਹਾਰਾਂ ਅਤੇ ਉਨ੍ਹਾਂ ਦੇ ਦਵਾਈਆਂ ਦੇ ਪ੍ਰਭਾਵ ਨਾਲ ਸਬੰਧਤ ਮਾਣਹਾਨੀ ਦੀ ਕਾਰਵਾਈ ਵਿੱਚ ਅੱਜ ਯੋਗ ਗੁਰੂ ਰਾਮਦੇਵ ਅਤੇ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਬਾਲਕ੍ਰਿਸ਼ਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੂਦੀਨ ਅਮਾਨਉੱਲ੍ਹਾ ਦੇ ਬੈਂਚ ਨੇ ਕੰਪਨੀ ਅਤੇ ਬਾਲਕ੍ਰਿਸ਼ਨ ਵੱਲੋਂ ਪਹਿਲਾਂ ਜਾਰੀ ਕੀਤੇ ਅਦਾਲਤੀ ਨੋਟਿਸਾਂ ਦਾ ਜਵਾਬ ਨਾ ਦੇਣ ’ਤੇ ਸਖ਼ਤ ਇਤਰਾਜ਼ ਕੀਤਾ। ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਗਿਆ ਸੀ ਕਿ ਅਦਾਲਤ ਨਾਲ ਕੀਤੇ ਵਾਅਦੇ ਦੀ ਉਲੰਘਣਾ ਕਰਨ ਲਈ ਉਨ੍ਹਾਂ ਵਿਰੁੱਧ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਬੈਂਚ ਨੇ ਸਵਾਮੀ ਰਾਮਦੇਵ ਨੂੰ ਨੋਟਿਸ ਵੀ ਜਾਰੀ ਕਰਕੇ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਵਿਰੁੱਧ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਸਿਖਰਲੀ ਅਦਾਲਤ ‘ਇੰਡੀਅਨ ਮੈਡੀਕਲ ਐਸੋਸੀਏਸ਼ਨ’ (ਆਈਐੱਮਏ) ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ, ਜਿਸ ਵਿਚ ਸਵਾਮੀ ਰਾਮਦੇਵ ‘ਤੇ ਟੀਕਾਕਰਨ ਮੁਹਿੰਮ ਅਤੇ ਆਧੁਨਿਕ ਦਵਾਈਆਂ ਵਿਰੁੱਧ ਮੁਹਿੰਮ ਚਲਾਉਣ ਦਾ ਦੋਸ਼ ਲਗਾਇਆ ਗਿਆ ਹੈ।

You must be logged in to post a comment Login