ਪੁਲੀਸ ਨੇ ‘ਆਪ’ ਦੇ ਪ੍ਰਦਰਸ਼ਨ ਦੌਰਾਨ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਹਿਰਾਸਤ ’ਚ ਲਿਆ

ਪੁਲੀਸ ਨੇ ‘ਆਪ’ ਦੇ ਪ੍ਰਦਰਸ਼ਨ ਦੌਰਾਨ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਹਿਰਾਸਤ ’ਚ ਲਿਆ

ਨਵੀਂ ਦਿੱਲੀ, 22 ਮਾਰਚ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਦਿੱਲੀ ਦੇ ਆਈਟੀਓ ਵਿਚ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਆਤਿਸ਼ੀ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਮੌਕੇ ਸੌਰਭ ਭਾਰਦਵਾਜ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਸਾਹਮਣੇ ਇਹ ਕਹਾਂਗੇ ਕਿ ਅਰਵਿੰਦ ਕੇਜਰੀਵਾਲ ਨੂੰ ਆਪਣੇ ਵਕੀਲ ਅਤੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਆਪਣਾ ਸਰਕਾਰੀ ਕੰਮ ਵੀ ਕਰਨ ਦਿੱਤਾ ਜਾਣਾ ਚਾਹੀਦਾ ਹੈ।ਪੁਲੀਸ ਨੇ ਦੋਵਾਂ ਮੰਤਰੀਆਂ ਨੂੰ ਪੁਲੀਸ ਬੱਸ ਵਿੱਚ ਬਿਠਾ ਲਿਆ। ਪਾਰਟੀ ਦੇ ਕਈ ਆਗੂ ਅਤੇ ਸਮਰਥਕ ਆਈਟੀਓ ਵਿਖੇ ‘ਆਪ’ ਅਤੇ ਭਾਜਪਾ ਦੇ ਦਫ਼ਤਰਾਂ ਨੇੜੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪੁਲੀਸ ਨੇ ਇਲਾਕੇ ਵਿੱਚ ਧਾਰਾ 144 ਲਾਗੂ ਹੋਣ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਉੱਥੋਂ ਚਲੇ ਜਾਣ ਲਈ ਕਿਹਾ। ‘ਆਪ’ ਸਮਰਥਕਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੁਲੀਸ ਨੇ ਪੰਡਿਤ ਦੀਨ ਦਿਆਲ ਉਪਾਧਿਆਏ ਮਾਰਗ ‘ਤੇ ਬੈਰੀਕੇਡ ਲਗਾ ਕੇ ਆਵਾਜਾਈ ਨੂੰ ਰੋਕ ਦਿੱਤਾ ਹੈ। ਦੋਵਾਂ ਪਾਰਟੀਆਂ ਦੇ ਹੈੱਡਕੁਆਰਟਰ ਇਸ ਰਸਤੇ ‘ਤੇ ਸਥਿਤ ਹਨ।

You must be logged in to post a comment Login