ਪੰਜਾਬ ’ਚ ਪਹਿਲੀ ਤੋਂ ਦਸਵੀਂ ਤੱਕ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਲਾਜ਼ਮੀ

ਪੰਜਾਬ ’ਚ ਪਹਿਲੀ ਤੋਂ ਦਸਵੀਂ ਤੱਕ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਲਾਜ਼ਮੀ

ਪੰਜਾਬੀ ਨਾ ਪੜ੍ਹਾਉਣ ‘ਤੇ ਲੱਗੇਗਾ 2 ਲੱਖ ਰੁਪਏ ਦਾ ਜੁਰਮਾਨਾ

ਚੰਡੀਗੜ੍ਹ, 12 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਹੈ ਕਿ ਸੂਬੇ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਗਿਆ ਹੈ। ਉਨ੍ਹਾਂ ਟਵੀਟ ਕੀਤਾ, ‘ਮਾਂ ਬੋਲੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਗਿਆ ਹੈ। ਉਲੰਘਣਾ ਕਰਨ ’ਤੇ ਸਕੂਲਾਂ ਨੂੰ 2 ਲੱਖ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ। ਹੁਣ ਦਫਤਰਾਂ ਵਿੱਚ ਪੰਜਾਬੀ ਲਾਜ਼ਮੀ ਕਰ ਦਿੱਤੀ ਗਈ ਹੈ ਅਤੇ ਸੂਬੇ ਅੰਦਰ ਹਰ ਬੋਰਡ ’ਤੇ ਪੰਜਾਬੀ ਭਾਸ਼ਾ ਸਭ ਤੋਂ ਸਿਖ਼ਰ ’ਤੇ ਲਿਖੀ ਜਾਵੇਗੀ।

ਵੀਰਵਾਰ ਨੂੰ ਕੁੱਲ 16 ਬਿੱਲ ਪਾਸ ਕੀਤੇ ਗਏ ਹਨ। ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪਰਗਟ ਸਿੰਘ ਨੇ ਪੰਜਾਬੀ ਭਾਸ਼ਾ ਨਾਲ ਸਬੰਧਤ 2 ਅਹਿਮ ਬਿੱਲ ਪੰਜਾਬੀ ਅਤੇ ਹੋਰ ਭਾਸ਼ਾ ਸਿੱਖਿਆ (ਸੋਧ) ਬਿੱਲ, 2021’ ਅਤੇ ‘ਪੰਜਾਬ ਰਾਜ ਭਾਸ਼ਾ (ਸੋਧ) ਬਿੱਲ-2021’ ਪੇਸ਼ ਕੀਤੇ ,ਜੋ ਕਿ ਵਿਧਾਨ ਸਭਾ ਦੁਆਰਾ ਪਾਸ ਕਰਵਾਏ ਗਏ ਹਨ।
ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧ) ਬਿੱਲ, 2021 ਦੇ ਪਾਸ ਹੋਣ ਨਾਲ ਹੁਣ ਸੂਬੇ ਭਰ ਦੇ ਸਕੂਲਾਂ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਲਾਜ਼ਮੀ ਵਿਸ਼ਾ ਬਣਾ ਦਿੱਤਾ ਜਾਵੇਗਾ। ਅਜਿਹਾ ਨਾ ਕਰਨ ‘ਤੇ 2 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ। ਇਸ ਨਾਲ ਜੁਰਮਾਨੇ ਦੀ ਰਕਮ 25,000, 50,000 ਅਤੇ 1 ਲੱਖ ਰੁਪਏ ਤੋਂ ਵਧਾ ਕੇ ਕ੍ਰਮਵਾਰ 50,000, 1 ਲੱਖ ਅਤੇ 2 ਲੱਖ ਰੁਪਏ ਕਰ ਦਿੱਤੀ ਜਾਵੇਗੀ।
ਜੇਕਰ ਕੋਈ ਵੀ ਸਕੂਲ ਜੋ ਪਹਿਲੀ ਵਾਰ ਐਕਟ ਦੇ ਉਪਬੰਧਾਂ ਜਾਂ ਇਸਦੇ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਦੀ ਮਿਆਦ ਲਈ ਉਲੰਘਣਾ ਕਰਦਾ ਹੈ ਤਾਂ ਉਸ ਨੂੰ 50,000/- ਰੁਪਏ ਦਾ ਜ਼ੁਰਮਾਨਾ ਲੱਗੇਗਾ। ਜੇਕਰ ਅਜਿਹਾ ਸਕੂਲ ਇੱਕ ਮਹੀਨੇ ਤੋਂ ਵੱਧ ਦੀ ਮਿਆਦ ਲਈ ਦੂਜੀ ਵਾਰ ਐਕਟ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਇੱਕ ਲੱਖ ਰੁਪਏ ਜੁਰਮਾਨਾ ਹੋਵੇਗਾ। ਜੇਕਰ ਅਜਿਹਾ ਸਕੂਲ ਤੀਜੀ ਵਾਰ ਐਕਟ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ 2 ਲੱਖ ਰੁਪਏ ਦਾ ਜੁਰਮਾਨਾ ਹੋਵੇਗਾ।
ਦੂਜਾ ਬਿੱਲ ਪੰਜਾਬ ਰਾਜ ਭਾਸ਼ਾ (ਸੋਧ ਬਿੱਲ-2021) ਪਾਸ ਕੀਤਾ ਗਿਆ, ਜਿਸ ਤਹਿਤ ਦਫ਼ਤਰੀ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਨਾ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਪਹਿਲੀ ਵਾਰ ਉਲੰਘਣਾ ਕਰਨ ਵਾਲੇ ਕਰਮਚਾਰੀ ਨੂੰ 500 ਰੁਪਏ, ਦੂਜੀ ਵਾਰ 2000 ਰੁਪਏ ਅਤੇ ਤੀਜੀ ਵਾਰ ਅਜਿਹਾ ਕਰਨ ‘ਤੇ 5 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਅਜਿਹਾ ਜੁਰਮਾਨਾ ਅਧਿਕਾਰੀ/ਕਰਮਚਾਰੀ ਦੀ ਤਨਖਾਹ ਤੋਂ ਵਸੂਲਿਆ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਤੋਂ 10ਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਕਰ ਦਿੱਤਾ ਹੈ। ਕਿਸੇ ਵੀ ਸਕੂਲ ਵੱਲੋਂ ਇਸਦੀ ਪਾਲਣਾ ਨਾ ਕੀਤੇ ਜਾਣ ‘ਤੇ 2 ਲੱਖ ਰੁਪਏ ਤੱਕ ਦਾ ਜੁਰਮਾਨਾ ਲੱਗੇਗਾ। ਪੰਜਾਬੀ ਭਾਸ਼ਾ ਦਫ਼ਤਰਾਂ ਵਿੱਚ ਵੀ ਲਾਜ਼ਮੀ ਕਰ ਦਿੱਤੀ ਗਈ ਹੈ ਅਤੇ ਸੂਬੇ ਅੰਦਰ ਹਰ ਬੋਰਡ ‘ਤੇ ਪੰਜਾਬੀ ਭਾਸ਼ਾ ਸਭ ਤੋਂ ਸਿਖ਼ਰ ’ਤੇ ਲਿਖੀ ਜਾਵੇਗੀ। ਇਸ ਮੌਕੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ, ਜਿਸ ਨੂੰ ਖੁਸ਼ ਕਰਨ ਲਈ ਅਸੀਂ ਹਰ ਸੰਭਵ ਯਤਨ ਕਰ ਰਹੇ ਹਾਂ।

You must be logged in to post a comment Login