ਚੰਡੀਗੜ੍ਹ, 9 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰਮੀ ਦੇ ਮੌਸਮ ਨੂੰ ਵੇਖਦਿਆਂ ਬਿਜਲੀ ਦੀ ਬੱਚਤ ਕਰਨ ਲਈ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਵੀਡੀਓ ਸੰਦੇਸ਼ ਰਾਹੀਂ ਕਿਹਾ ਕਿ ਸੂਬੇ ਵਿੱਚ ਸਰਕਾਰੀ ਦਫ਼ਤਰ ਸਵੇਰੇ ਸਾਢੇ 7 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲੱਗਣਗੇ, ਜੋ ਪਹਿਲਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਲਗਦੇ ਸਨ। ਸ੍ਰੀ ਮਾਨ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ’ਚ ਨਵੀਂ ਸਮਾਂ-ਸਾਰਨੀ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗੀ। ਉਨ੍ਹਾਂ ਕਿਹਾ ਕਿ ਅਤਿ ਦੀ ਗਰਮੀ ਪੈਣ ਦੀ ਸੰਭਾਵਨਾ ਕਾਰਨ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ’ਚ ਕੰਮ ਸੌਖੇ ਢੰਗ ਨਾਲ ਕਰਵਾਉਣ ਦੇ ਉਦੇਸ਼ ਨਾਲ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਾਰੀਆਂ ਸਬੰਧਤ ਧਿਰਾਂ ਨਾਲ ਵਿਚਾਰ-ਵਟਾਂਦਰੇ ਮਗਰੋਂ ਲਿਆ ਗਿਆ ਹੈ। ਇਹ ਫ਼ੈਸਲਾ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ’ਤੇ ਲਾਗੂ ਹੋਵੇਗਾ। ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਨਾਲ 300-350 ਮੈਗਾਵਾਟ ਬਿਜਲੀ ਦੀ ਬੱਚਤ ਹੋਵੇਗੀ। ਸ੍ਰੀ ਮਾਨ ਨੇ ਕਿਹਾ ਕਿ ਪਾਵਰਕੌਮ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਦੀ ਖਪਤ ਦਾ ਪੀਕ ਲੋਡ ਦਿਨ ਵਿੱਚ ਦੁਪਹਿਰ ਇਕ ਵਜੇ ਤੋਂ ਸ਼ੁਰੂ ਹੁੰਦਾ ਹੈ। ਇਸੇ ਦੌਰਾਨ ਬਿਜਲੀ ਦਾ ਵੱਡਾ ਹਿੱਸਾ ਸਰਕਾਰੀ ਦਫ਼ਤਰਾਂ ’ਚ ਖਪਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਦੁਪਹਿਰ 2 ਵਜੇ ਦਫ਼ਤਰ ਬੰਦ ਹੋਣ ਨਾਲ ਸਰਕਾਰੀ ਦਫ਼ਤਰਾਂ ਵਿੱਚ ਵਰਤੀ ਜਾਣ ਵਾਲੀ ਬਿਜਲੀ ਨੂੰ ਬਚਾਇਆ ਜਾ ਸਕੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਆਮ ਵਿਅਕਤੀ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰ ਦੇ ਸਮੇਂ ਕੰਮ ਕਰਵਾ ਸਕਣਗੇ। ਇਸ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਨੂੰ ਵੀ ਲਾਭ ਮਿਲੇਗਾ ਕਿਉਂਕਿ ਉਹ ਦਫ਼ਤਰੀ ਸਮੇਂ ਤੋਂ ਬਾਅਦ ਸਮਾਜਿਕ ਕਾਰਜਾਂ ’ਚ ਸ਼ਾਮਲ ਹੋ ਸਕਣਗੇ। ਦਫ਼ਤਰਾਂ ਵਿੱਚ ਸਮਾਂ ਤਬਦੀਲੀ ਕਰਕੇ ਮੁਲਾਜ਼ਮ ਆਪਣੇ ਬੱਚਿਆਂ ਨਾਲ ਵੀ ਵੱਧ ਸਮਾਂ ਬਿਤਾ ਸਕਣਗੇ ਕਿਉਂਕਿ ਬੱਚਿਆਂ ਨੂੰ ਵੀ ਉਸੇ ਵੇਲੇ ਸਕੂਲ ਤੋਂ ਛੁੱਟੀ ਹੋ ਜਾਂਦੀ ਹੈ।

You must be logged in to post a comment Login