ਪੰਜਾਬ ਦੇ ਸਾਰੇ ਸਕੂਲ ਸੋਮਵਾਰ ਨੂੰ ਵਿਦਿਆਰਥੀਆਂ ਲਈ ਰਹਿਣਗੇ ਬੰਦ

ਪੰਜਾਬ ਦੇ ਸਾਰੇ ਸਕੂਲ ਸੋਮਵਾਰ ਨੂੰ ਵਿਦਿਆਰਥੀਆਂ ਲਈ ਰਹਿਣਗੇ ਬੰਦ

ਚੰਡੀਗੜ੍ਹ, 7 ਸਤੰਬਰ (ਜੀ ਕੰਬੋਜ): ਪੰਜਾਬ ਵਿੱਚ ਹੜ੍ਹ ਦੀ ਮਾਰ ਕਰਕੇ 8 ਸਤੰਬਰ ਨੂੰ ਵੀ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ, ਜਦੋਂ ਕਿ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਕਾਲਜ ਅਤੇ ਯੂਨੀਵਰਸਿਟੀਆਂ ਆਮ ਵਾਂਗ ਖੁੱਲ੍ਹਣਗੀਆਂ। ਇਹ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਐਕਸ ਅਕਾਊਂਟ ਰਾਹੀਂ ਕੀਤਾ ਹੈ। ਸਿੱਖਿਆ ਮੰਤਰੀ ਵੱਲੋਂ ਜਾਰੀ ਆਦੇਸ਼ ਮੁਤਾਬਕ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਸਕੂਲ ਕਾਲਜ ਅਤੇ ਯੂਨੀਵਰਸਿਟੀਆਂ 8 ਸਤੰਬਰ ਦਿਨ ਸੋਮਵਾਰ ਤੋਂ ਆਮ ਵਾਂਗ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ ਹੜ੍ਹ ਤੋਂ ਪ੍ਰਭਾਵਿਤ ਹੈ ਤਾਂ ਉਸ ਨੂੰ ਬੰਦ ਕਰਨ ਦਾ ਫ਼ੈਸਲਾ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਲਿਆ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ, ਜਦੋਂ ਕਿ ਅਧਿਆਪਕ ਸਕੂਲ ਵਿੱਚ ਹਾਜ਼ਰ ਹੋਣਗੇ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣਗੇ। ਇਸ ਕੰਮ ਲਈ ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਮਦਦ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਰਕਾਰੀ ਸਕੂਲ ਦੀ ਇਮਾਰਤ ਵਿੱਚ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ। ਜਦੋਂ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲ ਆਮ ਵਾਂਗ ਨੌ ਸਤੰਬਰ ਦਿਨ ਮੰਗਲਵਾਰ ਤੋਂ ਖੁੱਲ੍ਹਣਗੇ।ਉਨ੍ਹਾਂ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣਗੇ ਕਿ ਸਕੂਲ ਦੀ ਇਮਾਰਤ ਅਤੇ ਕਲਾਸ ਰੂਮ ਬਿਲਕੁਲ ਸੁਰੱਖਿਅਤ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਛੁੱਟੀਆਂ ਕਰ ਦਿੱਤੀ ਸੀ ਪਰ ਹੁਣ ਹਾਲਾਤ ਸੁਧਰਦਿਆਂ ਦੇਖ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਪੱਧਰ ’ਤੇ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

You must be logged in to post a comment Login