ਫੈਸ਼ਨ ਸ਼ੋਅ ਦੇ ਨਾਂ ਹੇਠ ਕਕਾਰਾਂ ਦੀ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਸਖ਼ਤ ਨੋਟਿਸ

ਫੈਸ਼ਨ ਸ਼ੋਅ ਦੇ ਨਾਂ ਹੇਠ ਕਕਾਰਾਂ ਦੀ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ’ਚ ਇਕ ਫੈਸ਼ਨ ਸ਼ੋਅ ਦੌਰਾਨ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਨੋਟਿਸ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹਨ ਤੇ ਇਨ੍ਹਾਂ ਨੂੰ ਧਾਰਨ ਕਰਨ ਦੀ ਮਰਿਆਦਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਸਿੱਖ ਪਹਿਰਾਵੇ ਤੇ ਕਕਾਰਾਂ ਦੀ ਗ਼ਲਤ ਵਰਤੋਂ ਕਰ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਰਹੇ ਹਨ ਤੇ ਸਰਕਾਰਾਂ ਇਨ੍ਹਾਂ ਲੋਕਾਂ ਖ਼ਿਲਾਫ਼ ਕੋਈ ਢੁੱਕਵੀ ਕਾਰਵਾਈ ਨਹੀਂ ਕਰਦੀਆਂ। ਉਨ੍ਹਾਂ ਕਿਹਾ ਕਿ ਵਾਇਰਲ ਹੋਈ ਇਕ ਵੀਡੀਓ ਜੋ ਦਿੱਲੀ ਦੀ ਦੱਸੀ ਜਾ ਰਹੀ ਹੈ, ਵਿਚ ਲੜਕੀਆਂ ਦੇ ਸਿਰ ’ਤੇ ਪੱਗ ਤੇ ਉਪਰੋਂ ਦੀ ਕਿਰਪਾਨ ਪੁਆ ਕੇ ਫੈਸ਼ਨ ਸੋਅ ਵਿਚ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਮੁਕੰਮਲ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਸਰਕਾਰ ਨੂੰ ਤਾੜਨਾ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਸਿੱਖ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਾ ਕਰ ਸਕੇ।

You must be logged in to post a comment Login