ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਡੀਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਆਰੰਭ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਡੀਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਆਰੰਭ

ਮਾਨਸਾ, 20 ਦਸੰਬਰ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਅੱਜ 20 ਦਸੰਬਰ ਤੋਂ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ ਜਿਸ ਤਹਿਤ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਧਰਨੇ ਆਰੰਭ ਕਰ ਦਿੱਤੇ ਗਏ ਹਨ। ਜਥੇਬੰਦੀ ਦਾ ਕਹਿਣਾ ਹੈ ਕਿ ਇਹ ਧਰਨੇ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਸਮੇਤ ਜਲੰਧਰ, ਤਰਨ ਤਾਰਨ, ਗੁਰਦਾਸਪੁਰ ਅਤੇ ਹੋਰ ਆਪਣੇ ਪ੍ਰਭਾਵ ਵਾਲੇ ਜ਼ਿਲ੍ਹਿਆਂ ਵਿੱਚ ਲਗਾਤਾਰ 5 ਦਿਨ ਪਰ ਰਾਤ ਚੱਲਣਗੇ। ਯੂਨੀਅਨ ਦੀਆਂ ਮਾਨਸਾ ਤੋਂ ਇਲਾਵਾ ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਮੋਗਾ, ਸੰਗਰੂਰ, ਪਟਿਆਲਾ ਅਤੇ ਫਿਰੋਜ਼ਪੁਰ ਇਕਾਈਆਂ ਨੇ ਅੱਜ ਦੇ ਧਰਨੇ ਆਰੰਭ ਹੋ ਜਾਣ ਦੀਆ ਸੂਬਾ ਕਮੇਟੀ ਨੂੰ ਰਿਪੋਰਟਾਂ ਭੇਜਣ ਸਬੰਧੀ ਜਾਣਕਾਰੀ ਮਿਲੀ ਹੈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਜੋ ਇਨ੍ਹਾਂ ਧਰਨਿਆਂ ਦੀਆਂ ਹੋਰ ਤਿਆਰੀਆਂ ਦੀ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ ਅੱਜ ਸਾਰੇ ਜ਼ਿਲ੍ਹਿਆਂ ਵਿਚ ਧਰਨੇ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਲਾਫ਼ ਕੀਤੇ ਹੋਏ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਅਜਿਹਾ ਅੰਦੋਲਨ ਬਹੁਤ ਸਮਾਂ ਪਹਿਲਾਂ ਚਲਾਇਆ ਜਾਣਾ ਸੀ, ਪਰ ਉਸ ਵੇਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਕਾਰਨ ਨਹੀਂ ਆਰੰਭਿਆ ਜਾ ਸਕਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਗੂਆਂ ਨਾਲ 23 ਦਸੰਬਰ ਨੂੰ ਮੀਟਿੰਗ ਸੱਦੀ ਗਈ ਹੈ। ਮਾਨਸਾ ਵਿਖੇ ਧਰਨੇ ’ਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਤਬਾਹੀ ਅਤੇ ਗੜੇਮਾਰੀ ਨਾਲ ਝੋਨੇ ਤੇ ਹੋਰ ਫ਼ਸਲਾਂ ਦੀ ਤਬਾਹੀ ਦਾ ਮੁਆਵਜ਼ਾ 17000 ਰੁਪਏ ਪ੍ਰਤੀ ਏਕੜ ਤੇ ਇਸਦਾ 10% ਖੇਤ ਮਜ਼ਦੂਰਾਂ ਨੂੰ ਤੁਰੰਤ ਅਦਾ ਕਰਨ ਅਤੇ ਬਾਕੀ ਮੰਗਾਂ ਨੂੰ ਪੂਰਾ ਕੀਤਾ ਜਾਵੇ।

You must be logged in to post a comment Login