ਭਾਰਤ ਖ਼ਿਲਾਫ਼ ਕੈਨੇਡਾ ਦੇ ਦੋਸ਼ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਵੱਲੋਂ ਚਿੰਤਾਜਨਕ ਕਰਾਰ

ਭਾਰਤ ਖ਼ਿਲਾਫ਼ ਕੈਨੇਡਾ ਦੇ ਦੋਸ਼ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਵੱਲੋਂ ਚਿੰਤਾਜਨਕ ਕਰਾਰ

ਲੰਡਨ, 21 ਸਤੰਬਰ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾੜਕੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ’ਚ ਭਾਰਤ ’ਤੇ ਲਾਏ ਗਏ ਦੋਸ਼ਾਂ ਨੂੰ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਪ੍ਰੀਤ ਕੌਰ ਗਿੱਲ ਅਤੇ ਤਨਮਨਜੀਤ ਸਿੰਘ ਢੇਸੀ ਨੇ ਚਿੰਤਾਜਨਕ ਕਰਾਰ ਦਿੱਤਾ ਹੈ। ਇੰਗਲੈਂਡ ’ਚ ਸਿੱਖ ਵਸੋਂ ਵਾਲੇ ਇਲਾਕਿਆਂ ਦੀ ਨੁਮਾਇੰਦਗੀ ਕਰਨ ਵਾਲੇ ਵਿਰੋਧੀ ਧਿਰ ਲੇਬਰ ਪਾਰਟੀ ਦੇ ਸੰਸਦ ਮੈਂਬਰਾਂ ਨੇ ਸੋਸ਼ਲ ਮੀਡੀਆ ’ਤੇ ਦਾਅਵਾ ਕੀਤਾ ਕਿ ਟਰੂਡੋ ਦੇ ਦੋਸ਼ਾਂ ਬਾਰੇ ਹਲਕੇ ਦੇ ਲੋਕਾਂ ਵੱਲੋਂ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ ਸੀ। ਸਿੱਖ ਸੰਸਦ ਮੈਂਬਰਾਂ ਨੇ ਕਿਹਾ ਕਿ ਉਹ ਆਪਣੀਆਂ ਚਿੰਤਾਵਾਂ ਨੂੰ ਸਿੱਧੇ ਸਰਕਾਰ ਦੇ ਮੰਤਰੀਆਂ ਕੋਲ ਚੁੱਕ ਰਹੇ ਹਨ। ਬਰਮਿੰਘਮ ਐਜਬਾਸਟਨ ਤੋਂ ਸੰਸਦ ਮੈਂਬਰ ਗਿੱਲ ਨੇ ‘ਐਕਸ’ ’ਤੇ ਕਿਹਾ,‘‘ਹਰਦੀਪ ਸਿੰਘ ਨਿੱਝਰ ਦੀ ਹੱਤਿਆ ’ਤੇ ਪ੍ਰਧਾਨ ਮੰਤਰੀ ਟਰੂਡੋ ਦਾ ਬਿਆਨ ਬੇਹੱਦ ਚਿੰਤਾਜਨਕ ਹੈ। ਇਹ ਅਹਿਮ ਹੈ ਕਿ ਕੈਨੇਡਾ ਆਪਣੀ ਜਾਂਚ ਕਰੇ ਅਤੇ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾ ਮਿਲੇ। ਮੈਂ ਆਪਣੇ ਹਲਕੇ ਦੇ ਲੋਕਾਂ ਨੂੰ ਭਰੋਸਾ ਦੇਣਾ ਚਾਹੁੰਦੀ ਹਾਂ ਕਿ ਮੈਂ ਅਤੇ ਮੇਰੇ ਸਹਿਯੋਗੀ ਆਪਣੀ ਚਿੰਤਾ ਮੰਤਰੀਆਂ ਨਾਲ ਸਾਂਝੀ ਕਰ ਰਹੇ ਹਾਂ।’’ ਸਲੋਅ ਤੋਂ ਸੰਸਦ ਮੈਂਬਰ ਢੇਸੀ ਨੇ ਦਾਅਵਾ ਕੀਤਾ ਕਿ ਕਈ ਬ੍ਰਿਟਿਸ਼ ਸਿੱਖ ਇਸ ਮੁੱਦੇ ’ਤੇ ਉਨ੍ਹਾਂ ਦੇ ਸੰਪਰਕ ’ਚ ਹਨ। ਉਨ੍ਹਾਂ ‘ਐਕਸ’ ’ਤੇ ਕਿਹਾ,‘‘ਕੈਨੇਡਾ ਤੋਂ ਚਿੰਤਾਜਨਕ ਰਿਪੋਰਟਾਂ ਆ ਰਹੀਆਂ ਹਨ। ਸਲੋਅ ਅਤੇ ਹੋਰ ਕਈ ਇਲਾਕਿਆਂ ਦੇ ਸਿੱਖਾਂ ਨੇ ਮੇਰੇ ਨਾਲ ਸੰਪਰਕ ਕਰਕੇ ਚਿੰਤਾ ਜਤਾਈ ਹੈ ਅਤੇ ਉਹ ਗੁੱਸੇ ’ਚ ਹਨ ਜਾਂ ਡਰੇ ਹੋਏ ਹਨ। ਇਹ ਦੇਖਦੇ ਹੋਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਹੈ ਕਿ ਉਹ ਕਰੀਬੀ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਹੇ ਹਨ, ਅਸੀਂ ਇਨਸਾਫ਼ ਯਕੀਨੀ ਬਣਾਉਣ ਲਈ ਬ੍ਰਿਟੇਨ ਸਰਕਾਰ ਦੇ ਸੰਪਰਕ ’ਚ ਹਾਂ।’’ ਇੰਗਲੈਂਡ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੇ ਤਰਜਮਾਨ ਨੇ ਕਿਹਾ ਸੀ ਕਿ ਉਹ ਪਹਿਲਾ ਵਾਂਗ ਵਪਾਰ ਬਾਰੇ ਗੱਲਬਾਤ ਜਾਰੀ ਰਖਣਗੇ ਅਤੇ ਉਹ ਇਸ ਮਸਲੇ ’ਚ ਨਹੀਂ ਪੈਣਾ ਚਾਹੁੰਦੇ ਹਨ।

You must be logged in to post a comment Login