ਭਾਰਤ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਕੀਤੀ

ਭਾਰਤ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਕੀਤੀ

ਨਵੀਂ ਦਿੱਲੀ, 6 ਅਗਸਤ- ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਸੰਸਦ ਵਿੱਚ ਸੱਦੀ ਸਰਬ ਪਾਰਟੀ ਮੀਟਿੰਗ ਦੌਰਾਨ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੀਆਂ ਪਾਰਟੀਆਂ ਦੇ ਸਬਰਸੰਮਤ ਸਮਰਥਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਜੈਸ਼ੰਕਰ ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਗੁਆਂਢੀ ਦੇਸ਼ ਦੀ ਮੌਜੂਦਾ ਸਥਿਤੀ ਅਤੇ ਇਸ ਦੇ ਭਾਰਤ ’ਤੇ ਪੈਣ ਵਾਲੇ ਪ੍ਰਭਾਵ ਬਾਰੇ ਦੱਸਿਆ। ਇਸ ਦੌਰਾਨ ਜੈਸ਼ੰਕਰ ਨੇ ਆਗੂਆਂ ਨੂੰ ਦੱਸਿਆ ਕਿ ਭਾਰਤ ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮਦਦ ਦਾ ਭਰੋਸਾ ਦਿਵਾਉਂਦੇ ਹੋਏ ਉਨ੍ਹਾਂ ਨੂੰ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਸਮਾਂ ਦਿੱਤਾ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ। ਜੈਸ਼ੰਕਰ ਨੇ ਕਿਹਾ ਕਿ ਭਾਰਤ ਗੁਆਂਢੀ ਮੁਲਕ ਵਿੱਚ ਮੌਜੂਦ 10,000 ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬੰਗਲਾਦੇਸ਼ੀ ਫੌਜ ਦੇ ਸੰਪਰਕ ਵਿੱਚ ਹੈ। ਜੈਸ਼ੰਕਰ ਨੇ ਕਿਹਾ ਕਿ ਸਰਕਾਰ ਬੰਗਲਾਦੇਸ਼ ਦੇ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਮੀਟਿੰਗ ਤੋਂ ਬਾਅਦ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਜੈਸ਼ੰਕਰ ਨੇ ਅੱਜ ਸੰਸਦ ਵਿੱਚ ਹੋਈ ਸਰਬ ਪਾਰਟੀ ਮੀਟਿੰਗ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਲਿਖਿਆ, ‘‘ਅੱਜ ਸੰਸਦ ਵਿੱਚ ਇਕ ਸਰਬ ਪਾਰਟੀ ਮੀਟਿੰਗ ਵਿੱਚ ਬੰਗਲਾਦੇਸ਼ ਦੇ ਮੌਜੂਦਾ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਜਤਾਏ ਗਏ ਸਰਬਸੰਮਤ ਸਮਰਥਨ ਅਤੇ ਤਾਲਮੇਲ ਲਈ ਸਾਰੀਆਂ ਪਾਰਟੀਆਂ ਦੀ ਸ਼ਲਾਘਾ ਕਰਦਾ ਹਾਂ।’’

You must be logged in to post a comment Login