ਅੰਮ੍ਰਿਤਸਰ : ਅੰਮ੍ਰਿਤਸਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਅਰਸ਼ਦੀਪ ਸਿੰਘ ਗਿੱਲ ਨੇ ਕਿਹਾ ਕਿ ਟਾਡਾ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਿੱਖ ਕੈਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਫਿਲਹਾਲ ਸਥਾਨਕ ਕੇਂਦਰੀ ਜੇਲ੍ਹ ਪ੍ਰਸ਼ਾਸਨ ਕੋਲ ਕੋਈ ਸਰਕਾਰੀ ਆਦੇਸ਼ ਨਹੀਂ ਪੁੱਜੇ ਹਨ। ਉਹ ਇਥੇ ਪਹਿਲਾਂ ਵਾਂਗ ਹੀ ਜ਼ੇਰੇ ਇਲਾਜ ਹੈ। ਅੱਜ ਪ੍ਰਕਾਸ਼ਿਤ ਕੁਝ ਖ਼ਬਰਾਂ ਵਿੱਚ 550ਵੇਂ ਪ੍ਰਕਾਸ਼ ਪੁਰਬ ਮੌਕੇ ਰਿਹਾਅ ਕੀਤੇ ਜਾਣ ਵਾਲੇ ਸਿੱਖ ਕੈਦੀਆਂ ਵਿੱਚ ਪ੍ਰੋ. ਭੁੱਲਰ ਦਾ ਨਾਂ ਵੀ ਦੱਸਿਆ ਜਾ ਰਿਹੈ। ਭੁੱਲਰ ਸਕਿਜ਼ੋਫਰੇਨੀਆ ਨਾਂ ਦੀ ਬਿਮਾਰੀ ਤੋਂ ਪੀੜਤ ਹੈ ਅਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮਨੋਰੋਗ ਵਾਰਡ ਵਿਚ ਪੁਲੀਸ ਦੀ ਨਿਗਰਾਨੀ ਹੇਠ ਇਲਾਜ ਅਧੀਨ ਹੈ। 1993 ਵਿੱਚ ਦਿੱਲੀ ਵਿੱਚ ਹੋਏ ਬੰਬ ਧਮਾਕੇ ਦੇ ਦੋਸ਼ ਹੇਠ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। 2014 ਵਿੱਚ ਉਹਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰ ਦਿੱਤਾ ਗਿਆ ਸੀ। ਉਸ ਦਾ ਇਲਾਜ ਕਰ ਰਹੇ ਮਨੋਰੋਗ ਮਾਹਿਰ ਡਾ. ਪੀ.ਡੀ.ਗਰਗ ਨੇ ਦੱਸਿਆ ਕਿ ਉਸ ਦਾ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਇਸ ਮਨੋਰੋਗ ਸਬੰਧੀ ਇਲਾਜ ਚਲ ਰਿਹਾ ਹੈ। ਉਸਦੀ ਸਥਿਤੀ ਪਹਿਲਾਂ ਨਾਲੋਂ ਬਿਹਤਰ ਹੈ ਅਤੇ ਸੁਧਾਰ ਵੀ ਹੋਇਆ ਹੈ।

You must be logged in to post a comment Login