ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਹਟਾਏ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ

ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਹਟਾਏ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ, 24 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਹਟਾ ਦਿੱਤਾ।ਇਸ ਦੌਰਾਨ ਸਿੰਗਲਾ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਦਾਲਤ ਨੇ ਵਿਜੈ ਸਿੰਗਲਾ ਨੂੰ 27 ਮਈ ਤਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੁਲੀਸ ਨੂੰ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਲਈ ਕਿਹਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਿੰਗਲਾ ਮੰਤਰੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਸ਼ਾਮਲ ਹਨ ਅਤੇ ਉਨ੍ਹਾਂ ਕੋਲ ਇਸ ਦੇ ਸਬੂਤ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਤੋਂ ਠੇਕੇ ‘ਤੇ ਇਕ ਫੀ਼ਸਦੀ ਕਮਿਸ਼ਨ ਮੰਗਣ ਦੇ ਦੋਸ਼ਾਂ ਤਹਿਤ ਸਿੰਗਲਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਨੇ ਸਿੰਗਲਾ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਹੁਕਮ ਦੇ ਦਿੱਤੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭਿ੍ਸ਼ਟਾਚਾਰ ਵਿਰੁੱਧ ਪਹਿਲੀ ਵੱਡੀ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਲ 2015 ਵਿੱਚ ਆਪਣੇ ਮੰਤਰੀ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਬਰਖਾਸਤ ਕੀਤਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਿ੍ਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਓਐੱਸਡੀ ਵੀ ਗ੍ਰਿਫ਼ਤਾਰ : ਭ੍ਰਿਸ਼ਟਾਚਾਰ ਦੇ ਦੋਸ਼ ’ਚ ਮੰਤਰੀ ਦੇ ਅਹੁਦੇ ਤੋਂ ਹਟਾਏ ਵਿਜੈ ਸਿੰਗਲਾ ਦੇ ਓਐੱਸਡੀ ਪਰਦੀਪ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

You must be logged in to post a comment Login