ਮਜੀਠੀਆ ਦੀ ਹਮਾਇਤ ਵਿਚ ਨਿੱਤਰੇ ਸੁਖਪਾਲ ਖਹਿਰਾ

ਮਜੀਠੀਆ ਦੀ ਹਮਾਇਤ ਵਿਚ ਨਿੱਤਰੇ ਸੁਖਪਾਲ ਖਹਿਰਾ

ਚੰਡੀਗੜ੍ਹ, 25 ਜੂਨ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਅੰਮ੍ਰਿਤਸਰ ਵਿਚ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਮਾਰੇ ਛਾਪੇ ਮਗਰੋਂ ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਕਾਲੀ ਆਗੂ ਦੀ ਹਮਾਇਤ ਵਿਚ ਖੁੱਲ੍ਹ ਕੇ ਨਿੱਤਰ ਆਏ ਹਨ। ਖਹਿਰਾ ਨੇ ਆਪਣੇ ਅਧਿਕਾਰਤ ਫੇਸਬੁੱਕ ਅਕਾਊਂਟ ’ਤੇ ਪੋਸਟ ਕੀਤੀ ਵੀਡੀਓ ਵਿਚ ਵਿਜੀਲੈਂਸ ਛਾਪਿਆਂ ਦੀ ਨਿਖੇਧੀ ਕਰਦਿਆਂ ਇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੱਤਾ ਹੈ। ਖਹਿਰਾ ਨੇ ਪੰਜਾਬ ਵਿਚ ਵਿਗੜਦੇ ਸਿਆਸੀ ਮਾਹੌਲ ’ਤੇ ਵੀ ਫ਼ਿਕਰ ਜਤਾਇਆ ਹੈ। ਕਾਂਗਰਸੀ ਆਗੂ ਨੇ ਕਿਹਾ, ‘‘ਮੈਂ ਬਿਕਰਮ ਮਜੀਠੀਆ ਦੀ ਰਿਹਾਇਸ਼ ਤੇ ਹੋਰਨਾਂ ਟਿਕਾਣਿਆਂ ’ਤੇ ਸਿਆਸੀ ਬਦਲਾਖੋਰੀ ਦੇ ਇਰਾਦੇ ਨਾਲ ਮਾਰੇ ਛਾਪਿਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹਾਂ। ਪੰਜਾਬ ਹੁਣ ਪੁਲੀਸ ਰਾਜ ਵਿਚ ਬਦਲ ਗਿਆ ਹੈ।’’

ਮਜੀਠੀਆ, ਜਿਨ੍ਹਾਂ ਖਿਲਾਫ਼ 2021 ਦੇ ਇੱਕ ਡਰੱਗ ਕੇਸ ਵਿੱਚ ਜਾਂਚ ਜਾਰੀ ਹੈ, ਨੇ ਦੋਸ਼ ਲਗਾਇਆ ਕਿ ਵਿਜੀਲੈਂਸ ਬਿਊਰੋ ਦੀ 30 ਮੈਂਬਰੀ ਟੀਮ ਜਬਰੀ ਉਨ੍ਹਾਂ ਦੇ ਘਰ ਵਿਚ ਦਾਖਲ ਹੋਈ। ਉਨ੍ਹਾਂ ਦੀ ਪਤਨੀ ਤੇ ਅਕਾਲੀ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਵੀ ਕਿਹਾ ਕਿ ਉਨ੍ਹਾਂ ਨੂੰ ਇਸ ਕਾਰਵਾਈ ਦੇ ਮੰਤਵ ਬਾਰੇ ਸੂਚਿਤ ਨਹੀਂ ਕੀਤਾ ਗਿਆ ਸੀ। ਐਕਸ ’ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ, ਮਜੀਠੀਆ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ’ਤੇ ਉਨ੍ਹਾਂ ਨੂੰ ਝੂਠੇ ਕੇਸਾਂ ਨਾਲ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ। ਮਜੀਠੀਆ ਨੇ ਕਿਹਾ, ‘‘ਭਗਵੰਤ ਮਾਨ ਜੀ, ਇਹ ਸਮਝੋ, ਤੁਸੀਂ ਜਿੰਨੀਆਂ ਮਰਜ਼ੀ ਐਫਆਈਆਰ’ਜ਼ ਦਰਜ ਕਰੋ, ਨਾ ਤਾਂ ਮੈਂ ਡਰਾਂਗਾ ਅਤੇ ਨਾ ਹੀ ਤੁਹਾਡੀ ਸਰਕਾਰ ਮੇਰੀ ਆਵਾਜ਼ ਨੂੰ ਦਬਾ ਸਕੇਗੀ।’’ ਅਕਾਲੀ ਆਗੂ ਨੇ ਕਿਹਾ, ‘‘ਮੈਂ ਹਮੇਸ਼ਾ ਪੰਜਾਬ ਦੇ ਮੁੱਦਿਆਂ ਬਾਰੇ ਗੱਲ ਕੀਤੀ ਹੈ ਅਤੇ ਅਜਿਹਾ ਕਰਦਾ ਰਹਾਂਗਾ।’’

You must be logged in to post a comment Login