ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਮੈਨੀਫੈਸਟੋ ‘ਨਿਆਏ ਪੱਤਰ’ ਜਾਰੀ ਕੀਤਾ

ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਮੈਨੀਫੈਸਟੋ ‘ਨਿਆਏ ਪੱਤਰ’ ਜਾਰੀ ਕੀਤਾ

ਨਵੀਂ ਦਿੱਲੀ, 5 ਅਪਰੈਲ- ਕਾਂਗਰਸ ਨੇ ਅੱਜ ਲੋਕ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ ਜੋ ਪੰਜ ‘ਨਿਆਂ’ ​​ਅਤੇ 25 ‘ਗਾਰੰਟੀਆਂ’ ‘ਤੇ ਆਧਾਰਿਤ ਹੈ। ਪਾਰਟੀ ਨੇ ਇਸ ਦਾ ਨਾਂ ‘ਨਿਆਏ ਪੱਤਰ’ ਰੱਖਿਆ ਹੈ। ਇਹ ਚੋਣ ਮਨੋਰਥ ਪੱਤਰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਜਾਰੀ ਕੀਤਾ ਗਿਆ। ਇਸ ਮੌਕੇ ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਪਾਰਟੀ ਮੈਨੀਫੈਸਟੋ ਕਮੇਟੀ ਦੇ ਮੁਖੀ ਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਸਮੇਤ ਕਈ ਹੋਰ ਸੀਨੀਅਰ ਆਗੂ ਮੌਜੂਦ ਸਨ। ਇਸ ਵਿੱਚ ਲੋਕਾਂ ਨੂੰ ਧਰਮ, ਭਾਸ਼ਾ, ਜਾਤ ਤੋਂ ਉਪਰ ਉੱਠ ਕੇ ਸਮਝਦਾਰੀ ਨਾਲ ਚੋਣ ਕਰਨ ਅਤੇ ਲੋਕਤੰਤਰੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਕਾਂਗਰਸ ਦੇਸ਼ ਵਿਆਪੀ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਗਾਰੰਟੀ ਦਿੰਦੀ ਹੈ ਕਿ ਉਹ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਲਈ ਰਾਖਵੇਂਕਰਨ ਦੀ ਹੱਦ 50 ਫੀਸਦੀ ਤੋਂ ਵਧਾਉਣ ਲਈ ਸੰਵਿਧਾਨਕ ਸੋਧ ਪਾਸ ਕਰੇਗੀ। ਇਸ ਵਿੱਚ ਵਾਅਦਾ ਕੀਤਾ ਗਿਆ ਹੈ ਕਿ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (ਈਡਬਲਿਊਐੱਸ) ਲਈ ਨੌਕਰੀਆਂ, ਵਿਦਿਅਕ ਸੰਸਥਾਵਾਂ ਵਿੱਚ 10 ਪ੍ਰਤੀਸ਼ਤ ਕੋਟਾ ਸਾਰੀਆਂ ਜਾਤਾਂ, ਭਾਈਚਾਰਿਆਂ ਲਈ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਪਾਰਟੀ ਨੇ ਕੇਂਦਰ ਸਰਕਾਰ ਦੀਆਂ ਵੱਖ ਵੱਖ ਖਾਲ੍ਹੀ 30 ਲੱਖ ਆਸਾਮੀਆਂ ਭਰਨ ਦਾ ਵਾਅਦਾ ਕੀਤਾ।

You must be logged in to post a comment Login