ਵਿਸਾਖੀ ਪੁਰਬ ਮਨਾਉਣ ਲਈ ਭਾਰਤ ਤੋਂ 1949 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਿਆ

ਵਿਸਾਖੀ ਪੁਰਬ ਮਨਾਉਣ ਲਈ ਭਾਰਤ ਤੋਂ 1949 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਿਆ

ਅਟਾਰੀ, 12 ਅਪਰੈਲ-ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਪਾਕਿਸਤਾਨ ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਅੱਜ ਭਾਰਤ ਤੋਂ 1949 ਮੈਂਬਰੀ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਅਟਾਰੀ-ਵਾਹਗਾ ਸਰਹੱਦ ਰਸਤੇ ਤੋਂ ਪਾਕਿਸਤਾਨ ਪੁੱਜ ਗਿਆ। ਵਿਸਾਖੀ ਪੁਰਬ ਮਨਾਉਣ ਲਈ ਪਾਕਿਸਤਾਨ ਗਏ ਭਾਰਤੀ ਸਿੱਖ ਜਥੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਲਵਿੰਦਰ ਸਿੰਘ ਵੇੲਂਪੁਈ, ਹਰਪਾਲ ਸਿੰਘ ਯਾਤਰਾ ਬ੍ਰਾਂਚ, ਵਰਿੰਦਰ ਸਿੰਘ ਠਰੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰੇ ਸਾਹਿਬਾਨ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਵੱਖ-ਵੱਖ ਸੰਗਠਨਾਂ ਦੇ ਪਾਰਟੀ ਲੀਡਰ ਜਥੇ ਵਿੱਚ ਸ਼ਾਮਿਲ ਸਨ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲੀ ਦਲ ਸਰਨਾ, ਜੰਮੂ-ਕਸ਼ਮੀਰ ਤੋਂ ਸਿੱਖ ਜਥਾ, ਰਾਜਸਥਾਨ, ਉੱਤਰ ਪ੍ਰਦੇਸ਼ ਦੇ ਸਿੱਖ ਜਥਿਆਂ ਤੋਂ ਇਲਾਵਾ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ, ਖਾਲੜਾ ਮਿਸ਼ਨ ਕਮੇਟੀ, ਨਨਕਾਣਾ ਸਾਹਿਬ ਸਿੱਖ ਯਾਤਰੀ ਜਥਾ ਪੁਤਲੀਘਰ ਜਥਿਆਂ ਦੇ ਸ਼ਰਧਾਲੂ ਸ਼ਾਮਿਲ ਸਨ। ਦਿੱਲੀ ਤੋਂ ਇੱਕ ਸ਼ਰਧਾਲੂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਰਾਹੀਂ ਵਿਸਾਖੀ ਦੇ ਦਿਹਾੜੇ ਮੌਕੇ ਪਾਲਕੀ ਭੇਜੀ ਗਈ ਹੈ, ਜਿਸ ਨੂੰ ਗੁਰਦੁਆਰਾ ਸ਼ਿਕਾਰਪੁਰ ਸਾਹਿਬ ਵਿਖੇ ਸੁਸ਼ੋਭਿਤ ਕੀਤਾ ਜਾਵੇਗਾ। ਪਾਕਿਸਤਾਨ ਸਰਕਾਰ ਵੱਲੋਂ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵਾਹਗਾ ਰੇਲਵੇ ਸਟੇਸ਼ਨ (ਪਾਕਿਸਤਾਨ) ਤੋਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਲਈ ਰਵਾਨਾ ਕੀਤਾ।

ਸ੍ਰੀ ਰਵਿੰਦਰ ਸਿੰਘ ਖਾਲਸਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ ਹਰ ਸਾਲ ਦੀ ਤਰ੍ਹਾਂ 14 ਅਪਰੈਲ ਨੂੰ ਵਿਸਾਖੀ ਪੁਰਬ (ਖਾਲਸੇ ਦਾ ਸਾਜਨਾ ਦਿਵਸ) ਮਨਾਇਆ ਜਾਵੇਗਾ। ਵਿਸਾਖੀ ਪੁਰਬ ਮਨਾਉਣ ਉਪਰੰਤ 15 ਅਪਰੈਲ ਨੂੰ ਜਥਾ ਨਨਕਾਣਾ ਸਾਹਿਬ ਪਹੁੰਚੇਗਾ। 16 ਅਪਰੈਲ ਨੂੰ ਜਥਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦਆਰਾ ਸੱਚਾ ਸੌਦਾ (ਫਾਰੂਕਾਬਾਦ) ਦੇ ਦਰਸ਼ਨ ਕਰਕੇ ਸ਼ਾਮ ਨੂੰ ਮੁੜ ਨਨਕਾਣਾ ਸਾਹਿਬ ਪਰਤ ਆਵੇਗਾ। 17 ਅਪਰੈਲ ਨੂੰ ਜਥਾ ਸ੍ਰੀ ਨਨਾਕਾਣਾ ਸਾਹਿਬ ਤੋਂ ਚੱਲ ਕੇ ਗੁਰਦਆਰਾ ਡੇਹਰਾ ਸਾਹਿਬ ਲਾਹੌਰ ਪੁੱਜੇਗਾ। 18 ਅਪਰੈਲ ਨੂੰ ਜਥਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਠਹਿਰੇਗਾ। 19 ਅਪਰੈਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸਿੱਖ ਜਥਾ ਵਾਪਸ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਰਤ ਆਵੇਗਾ। 20 ਅਪਰੈਲ ਨੂੰ ਸਿੱਖ ਜਥਾ ਗੁਰਦੁਆਰਾ ਰੋੜੀ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਲਾਹੌਰ ਪਰਤੇਗਾ। 21 ਅਪਰੈਲ ਨੂੰ ਜਥਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਤੋਂ ਸਵੇਰੇ ਵਾਹਗਾ-ਅਟਾਰੀ ਸਰਹੱਦ ਰਸਤੇ ਵਾਪਸ ਵਤਨ ਪਰਤ ਆਵੇਗਾ। ਹਰਪਾਲ ਸਿੰਘ ਭੁੱਲਰ ਪ੍ਰਧਾਨ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜਪੁਰ ਨੇ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਤੋਂ ਮੰਗ ਕੀਤੀ ਕਿ ਦੋਵਾਂ ਮੁਲਕਾਂ ਵਿਚਕਾਰ ਸਮਝੌਤਾ ਐਕਸਪ੍ਰੈਸ ਰੇਲ ਗੱਡੀ ਮੁੜ ਚਲਾਈ ਜਾਵੇ।

You must be logged in to post a comment Login