ਸ਼ਹੀਦ ਊਧਮ ਸਿੰਘ ਦੇ 80ਵੇਂ ਸ਼ਹੀਦੀ ਦਿਹਾੜੇ ਮੌਕੇ ਰਾਜ ਪਧਰੀ ਸਮਾਗਮ ਦਾ ਆਯੋਜਨ

ਸੰਗਰੂਰ : ਪੰਜਾਬ ਸਰਕਾਰ ਵਲੋਂ ਸੁਨਾਮ-ਬਠਿੰਡਾ ਹਾਈਵੇ ‘ਤੇ ਕਰੀਬ 4 ਏਕੜ ਰਕਬੇ ਵਿਚ ਬਣਾਈ ਜਾਣ ਵਾਲੀ ਸ਼ਹੀਦ ਊਧਮ ਸਿੰਘ ਯਾਦਗਾਰ ਦੇ ਉਸਾਰੀ ਕਾਰਜਾਂ ਦੀ ਰਸਮੀ ਤੌਰ ‘ਤੇ ਸ਼ੁਰੂਆਤ ਕਰਵਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਯਾਦਗਾਰ ਇਕ ਵਰ੍ਹੇ ਦੇ ਅੰਦਰ-ਅੰਦਰ ਮੁਕੰਮਲ ਹੋਵੇਗੀ। ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਹੀਦ ਊਧਮ ਸਿੰਘ ਦੇ 80ਵੇਂ ਸ਼ਹੀਦੀ ਦਿਹਾੜੇ ਮੌਕੇ ਆਯੋਜਿਤ ਰਾਜ ਪਧਰੀ ਸ਼ਰਧਾਂਜਲੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ਹੀਦ ਊਧਮ ਸਿੰਘ ਦੀ ਮਹਾਨ ਸ਼ਹਾਦਤ ਪ੍ਰਤੀ ਨਤਮਸਤਕ ਹੁੰਦੇ ਹੋਏ ਕਰੀਬ 2.64 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਜਾਣ ਵਾਲੀ ਸ਼ਹੀਦੀ ਯਾਦਗਾਰ ਦੀ ਰੂਪ ਰੇਖਾ ਤੇ ਡਿਜ਼ਾਇਨ ਚੀਫ਼ ਆਰਕੀਟੈਕਟ ਪੰਜਾਬ ਵਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ਵਿਚ ਸ਼ਹੀਦ ਊਧਮ ਸਿੰਘ ਜੀ ਦੀ ਪ੍ਰਤਿਮਾ, ਓਪਨ ਏਅਰ ਥੀਏਟਰ, ਲੈਂਡਸਕੇਪਿੰਗ, ਚਾਰਦੀਵਾਰੀ ਸਮੇਤ ਹੋਰ ਆਧੁਨਿਕ ਸੁਵਿਧਾਵਾਂ ਉਪਲਬਧ ਹੋਣਗੀਆਂ। ਇਸ ਉਪਰੰਤ ਨਵੀਂ ਅਨਾਜ ਮੰਡੀ ਵਿਖੇ ਆਯੋਜਿਤ ਰਾਜ ਪਧਰੀ ਸ਼ਰਧਾਂਜਲੀ ਸਮਾਰੋਹ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਦੇਸ਼, ਕੌਮ, ਗਰੀਬਾਂ, ਮਜਲੂਮ ਲੋਕ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਲੋਕ ਅਜਿਹੇ ਦੇਸ਼ ਭਗਤਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸੂਰਮਿਆਂ ਨੇ ਦੇਸ਼ ਦੀ ਅਜ਼ਾਦੀ ਲਈ ਸ਼ਹਾਦਤਾਂ ਦਿੱਤੀਆਂ ਅਤੇ ਅਜ਼ਾਦੀ ਦਾ ਮੁੱਢ ਬੰਨ੍ਹਿਆ। ਉਨ੍ਹਾਂ ਦੇਸ਼ ਭਗਤਾਂ ਅਤੇ ਸੂਰਮਿਆਂ ਨੂੰ ਸਦੀਵੀ ਯਾਦ ਰੱਖਿਆ ਜਾਵੇਗਾ। ਕੈਬਨਿਟ ਮੰਤਰੀ ਸ੍ਰੀ ਚੰਨੀ ਨੇ ਸ਼ਹੀਦ ਊਧਮ ਸਿੰਘ ਜੀ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਭੇਂਟ ਕਰਦਿਆਂ ਕਿਹਾ ਕਿ ਉਹ ਸੁਨਾਮ ਦੀ ਇਸ ਪਵਿੱਤਰ ਧਰਤੀ ਨੂੰ ਪ੍ਰਣਾਮ ਕਰਦੇ ਹਨ, ਜਿਥੇ ਦੇਸ਼ ਦੀ ਅਜ਼ਾਦੀ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਯੋਧੇ ਨੇ ਜਨਮ ਲਿਆ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਕ੍ਰਾਂਤੀਕਾਰੀ ਤੇ ਅਗਾਂਹਵਧੂ ਸੋਚ ਦੇ ਮਾਲਕ ਸਨ, ਜਿਨ੍ਹਾਂ ਨੇ ਛੋਟੀ ਉਮਰ ਵਿੱਚ ਅੰਗਰੇਜ਼ ਹਕੂਮਤ ਨਾਲ ਲੋਹਾ ਲੈਂਦਿਆ ਸ਼ਹਾਦਤ ਦਿੱਤੀ।

You must be logged in to post a comment Login