ਸ਼੍ਰੋਮਣੀ ਕਮੇਟੀ ਨੇ ਗੁਰੂ ਸਾਹਿਬਾਨ ਅਤੇ ਪਰਿਵਾਰਕ ਮੈਂਬਰਾਂ ਸਬੰਧੀ ਫ਼ਿਲਮਾਂ ’ਤੇ ਲਗਾਈ ਮੁਕੰਮਲ ਪਾਬੰਦੀ

ਸ਼੍ਰੋਮਣੀ ਕਮੇਟੀ ਨੇ ਗੁਰੂ ਸਾਹਿਬਾਨ ਅਤੇ ਪਰਿਵਾਰਕ ਮੈਂਬਰਾਂ ਸਬੰਧੀ ਫ਼ਿਲਮਾਂ ’ਤੇ ਲਗਾਈ ਮੁਕੰਮਲ ਪਾਬੰਦੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫ਼ਿਲਮਾਂ ਰਾਹੀਂ ਪੇਸ਼ ਕਰਨ ’ਤੇ ਅਗਲੇ ਫ਼ੈਸਲੇ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ। ਇਹ ਫ਼ੈਸਲਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇੱਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਲਿਆ ਗਿਆ। ਇਸ ਦੇ ਨਾਲ ਹੀ ਸਿੱਖ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਉਲੀਕਣ ਲਈ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਦਲਾਂ ਦੇ ਨੁਮਾਇੰਦਿਆਂ ਦੀ ਇਕ ਸਾਂਝੀ ਕਮੇਟੀ ਗਠਤ ਕਰਨ ਦਾ ਵੀ ਫ਼ੈਸਲਾ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਿੱਖ ਗੁਰੂ ਸਾਹਿਬਾਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਤੇ ਫ਼ਿਲਮਾਂ ਬਣਾਉਣ ਦੇ ਰੁਝਾਨ ਕਾਰਨ ਸਿੱਖ ਸੰਗਤ ਅੰਦਰ ਭਾਰੀ ਰੋਸ ਸਾਹਮਣੇ ਆਇਆ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਕਿਸੇ ਵੀ ਤਰ੍ਹਾਂ ਦੀਆਂ ਫ਼ਿਲਮਾਂ ਰਾਹੀਂ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਫ਼ਿਲਮਾਉਣ ’ਤੇ ਰੋਕ ਲਗਾਈ ਹੈ। ਉਨ੍ਹਾਂ ਕਿਹਾ ਕਿ ਇਸ ਸੰਜੀਦਾ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਕੋਲ ਸਮੇਂ-ਸਮੇਂ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਇਤਰਾਜ਼ ਪੁੱਜਦੇ ਰਹੇ ਹਨ, ਜਿਸ ਕਰਕੇ ਅਗਲੇ ਫ਼ੈਸਲੇ ਤੱਕ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਤ ਫ਼ਿਲਮਾਂ ’ਤੇ ਪਾਬੰਦੀ ਰਹੇਗੀ।

ਅਕਾਲੀ ਬਾਬਾ ਫੂਲਾ ਸਿੰਘ ਦੀ ਮਾਰਚ 2023 ’ਚ ਆ ਰਹੀ 200 ਸਾਲਾ ਸ਼ਹੀਦੀ ਸ਼ਤਾਬਦੀ ਬਾਰੇ ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਨਿਹੰਗ ਸਿੰਘ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਸਮਾਗਮ ਕੀਤੇ ਜਾਣਗੇ। ਇਸ ਬਾਰੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਗੱਲਬਾਤ ਮਗਰੋਂ ਸਾਂਝੀ ਕਮੇਟੀ ਗਠਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਦਲਾਂ ਦੇ ਤਿੰਨ ਤਿੰਨ ਮੈਂਬਰ ਸ਼ਾਮਲ ਕੀਤੇ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਵਾਸਤੇ ਸਮਾਗਮ ਉਲੀਕੇ ਜਾਣਗੇ। ਇਸ ਸਬੰਧ ਵਿਚ ਇਕ ਵਿਸ਼ੇਸ਼ ਵੈਨ ਤਿਆਰ ਕੀਤੀ ਗਈ ਹੈ, ਜਿਸ ਵਿਚ ਪ੍ਰਚਾਰਕ ਜਥੇ ਪਿੰਡ ਪਿੰਡ ਜਾਣਗੇ। ਖ਼ਾਸ ਕਰਕੇ ਸਰਹੱਦੀ ਇਲਾਕਿਆਂ ਵਿਚ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਧਾਰਮਿਕ ਦੀਵਾਨਾਂ ਦੇ ਨਾਲ-ਨਾਲ ਪ੍ਰਚਾਰਕ ਜਥੇ ਪਰਿਵਾਰਾਂ ਨਾਲ ਸਿੱਖ ਇਤਿਹਾਸ, ਸਿਧਾਂਤਾਂ ਅਤੇ ਰਹਿਤ ਮਰਯਾਦਾ ਬਾਰੇ ਵਿਚਾਰ ਵਟਾਂਦਰਾ ਕਰਨਗੇ, ਤਾਂ ਜੋ ਸੰਗਤਾਂ ਸਿੱਖੀ ਦੇ ਮੂਲ ਨੂੰ ਅਸਾਨੀ ਨਾਲ ਸਮਝ ਸਕਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਰਮ ਪ੍ਰਚਾਰ ਲਈ ਤਿਆਰ ਕੀਤੀ ਵੈਨ ਵੀ ਰਵਾਨਾ ਕੀਤੀ, ਜੋ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਨਿਗਰਾਨੀ ਹੇਠ ਧਰਮ ਪ੍ਰਚਾਰ ਕਾਰਜ ਲਈ ਵਰਤੀ ਜਾਵੇਗੀ।

You must be logged in to post a comment Login