ਅੰਮ੍ਰਿਤਸਰ, 16 ਮਈ- ਹਾਸਰਸ ਕਲਾਕਾਰ ਭਾਰਤੀ ਸਿੰਘ ਵੱਲੋਂ ਸਿੱਖਾਂ ਖ਼ਿਲਾਫ਼ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਅੱਜ ਉਸ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਾਈ ਹੈ। ਇਹ ਸ਼ਿਕਾਇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸੰਸਥਾ ਦੇ ਸਕੱਤਰ ਵੱਲੋਂ ਦਰਜ ਕਰਾਈ ਗਈ ਹੈ । ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੇ ਇਕ ਵਫ਼ਦ ਨੇ ਪੁਲੀਸ ਦੇ ਡਿਪਟੀ ਕਮਿਸ਼ਨਰ ਕੋਲ ਇਹ ਸ਼ਿਕਾਇਤ ਪੱਤਰ ਦਿੱਤਾ ਹੈ । ਸ਼ਿਕਾਇਤ ਪੱਤਰ ਵਿਚ ਅਦਾਕਾਰਾ ਭਾਰਤੀ ਸਿੰਘ ਵੱਲੋਂ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਦਾ ਹਵਾਲਾ ਦਿੰਦਿਆਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਭਾਰਤੀ ਸਿੰਘ ਵੱਲੋਂ ਸਿੱਖਾਂ ਦੀ ਦਾੜ੍ਹੀ ਅਤੇ ਮੁੱਛਾਂ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਸੀ । ਭਾਵੇਂ ਉਸ ਨੇ ਸੋਸ਼ਲ ਮੀਡੀਆ ’ਤੇ ਜਨਤਕ ਤੌਰ ’ਤੇ ਸਿੱਖ ਭਾਈਚਾਰੇ ਕੋਲੋਂ ਮੁਆਫ਼ੀ ਮੰਗ ਲਈ ਹੈ ਪਰ ਸਿੱਖ ਜਥੇਬੰਦੀਆਂ ਵਲੋਂ ਉਸ ਦੀ ਇਸ ਟਿੱਪਣੀ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ । ਅੱਜ ਇਸੇ ਮਾਮਲੇ ਨੂੰ ਲੈ ਕੇ ਇਸਤਰੀ ਅਕਾਲੀ ਦਲ ਵੱਲੋਂ ਭਾਰਤੀ ਸਿੰਘ ਦੇ ਅੰਮ੍ਰਿਤਸਰ ਸਥਿਤ ਘਰ ਦੇ ਬਾਹਰ ਰੋਸ ਵਿਖਾਵਾ ਵੀ ਕੀਤਾ ਗਿਆ।

You must be logged in to post a comment Login