ਸ੍ਰੀ ਮੁਕਤਸਰ ਸਾਹਿਬ, 21 ਮਾਰਚ- ਪੰਜਾਬ ਦੇ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਰਾਜ ਭਰ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀਈਓਜ਼) ਅਤੇ ਸਕੂਲ ਮੁਖੀਆਂ ਨੂੰ ਨਾਟਕਾਂ ਜਾਂ ਡਰਾਮਿਆਂ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ‘ਸਾਹਿਬਜ਼ਾਦਿਆਂ’ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਚਿੱਤਰਣ ’ਤੇ ਪਾਬੰਦੀ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਹੁਕਮ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਰਾਜ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਦੇ ਜਵਾਬ ਵਿੱਚ ਜਾਰੀ ਕੀਤੇ ਗਏ ਹਨ। ਕਾਬਿਲੇਗ਼ੌਰ ਹੈ ਕਿ ਕਮਿਸ਼ਨ ਨੇ ਇਕ ਵਫ਼ਦ ਵੱਲੋਂ ਜਤਾਏ ਇਤਰਾਜ਼ਾਂ ਦਾ ਨੋਟਿਸ ਲਿਆ ਸੀ। ਵਫ਼ਦ ਨੇ ਇਤਰਾਜ਼ ਕੀਤਾ ਸੀ ਕਿ ਦੇਸ਼ ਭਰ ਦੇ ਸਕੂਲਾਂ ਵੱਲੋਂ ਕੁਝ ਸੇਧਾਂ ਦਾ ਗ਼ਲਤ ਅਰਥ ਕੱਢਦੇ ਹੋਏ ਨਾਟਕਾਂ ਵਿਚ ਵਿਦਿਆਰਥੀਆਂ ਜਾਂ ਵਿਅਕਤੀ ਵਿਸ਼ੇਸ਼ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ‘ਸਾਹਿਬਜ਼ਾਦਿਆਂ’ ਅਤੇ ਉਨ੍ਹਾਂ ਦੇ ਪਰਿਵਾਰਕ ਜੀਆਂ ਦੇ ਕਿਰਦਾਰ ਦਾ ਚਿੱਤਰਣ ਕਰਨ ਦੀ ਖੁੱਲ੍ਹ ਦਿੱਤੀ ਜਾ ਰਹੀ ਹੈ। ਕੋਈ ਵੀ ਵਿਅਕਤੀ ਜਾਂ ਸੰਗਠਨ ਸਾਹਿਬਜ਼ਾਦਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਇਤਿਹਾਸਕ ਸ਼ਖਸੀਅਤਾਂ ਨੂੰ ਪੇਸ਼ ਨਾ ਕਰੇ, ਇਹ ਯਕੀਨੀ ਬਣਾਉਣ ਲਈ ਕਮਿਸ਼ਨ ਨੇ ਇੱਕ ਦਿਸ਼ਾ ਨਿਰਦੇਸ਼ (SOP) ਵੀ ਤਿਆਰ ਕੀਤਾ ਹੈ। ਐਸਓਪੀ ਵਿੱਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ, ਸਕੂਲੀ ਬੱਚਿਆਂ ਸਮੇਤ, ਕਿਸੇ ਵੀ ਤਰ੍ਹਾਂ ਦੇ ਸਟੇਜ ਨਾਟਕ ਵਿੱਚ ਸਿੱਖ ਗੁਰੂਆਂ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਨਕਲ ਨਹੀਂ ਕਰੇਗਾ।

You must be logged in to post a comment Login