ਸਿੱਖ ਰਵਾਇਤਾਂ ਦੀ ਘੋਰ ਉਲੰਘਣਾ ਹੋਈ: ਗਿਆਨੀ ਹਰਪ੍ਰੀਤ ਸਿੰਘ

ਸਿੱਖ ਰਵਾਇਤਾਂ ਦੀ ਘੋਰ ਉਲੰਘਣਾ ਹੋਈ: ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 10 ਮਾਰਚ- ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਹੁਦੇ ਦਾ ਚਾਰਜ ਲਏ ਜਾਣ ਮੌਕੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਾ ਹੋਣ ਅਤੇ ਸਿੱਖ ਸੰਗਤ ਦੀ ਹਾਜ਼ਰੀ ਤੋਂ ਬਿਨਾਂ ਕੀਤੇ ਗਏ ਸੇਵਾ ਸੰਭਾਲ ਸਮਾਗਮ ਨੂੰ ਮਰਿਆਦਾ ਦੀ ਘੋਰ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸ਼ਾਇਦ ਸਿੱਖ ਇਤਿਹਾਸ ਵਿੱਚ ਮਰਿਆਦਾ ਦੀ ਘੋਰ ਉਲੰਘਣਾ ਦੀ ਇਹ ਪਹਿਲੀ ਘਟਨਾ ਹੋਵੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵੀਡੀਓ ਬਿਆਨ ਵਿੱਚ ਕਿਹਾ ਕਿ ਸਦੀਆਂ ਤੋਂ ਚੱਲੀ ਆ ਰਹੀ ਰਵਾਇਤ ਮੁਤਾਬਕ ਜਥੇਦਾਰਾਂ ਦੀ ਸੇਵਾ ਸੰਭਾਲ ਸਮੇਂ ਪਹਿਲੀ ਦਸਤਾਰ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵੱਲੋਂ ਦਿੱਤੀ ਜਾਂਦੀ ਹੈ। ਜੇ ਉਹ ਹਾਜ਼ਰ ਨਾ ਹੋਣ ਤਾਂ ਕਿਸੇ ਹੋਰ ਗ੍ਰੰਥੀ ਵੱਲੋਂ ਉਨ੍ਹਾਂ ਦੇ ਪ੍ਰਤੀਨਿਧ ਵਜੋਂ ਦਸਤਾਰ ਦਿੱਤੀ ਜਾਂਦੀ ਹੈ। ਉਪਰੰਤ ਸ੍ਰੀ ਅਕਾਲ ਤਖਤ ਦੇ ਜਥੇਦਾਰ ਅਤੇ ਜੇ ਉਹ ਨਾ ਹੋਣ ਤਾਂ ਸ੍ਰੀ ਅਕਾਲ ਤਖਤ ਦੇ ਹੈਡ ਗ੍ਰੰਥੀ ਵੱਲੋਂ ਦਸਤਾਰ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ ਬਾਅਦ ਵਿੱਚ ਬਾਕੀ ਤਖਤਾਂ ਦੇ ਜਥੇਦਾਰਾਂ ਜਾਂ ਹੈੱਡ ਗ੍ਰੰਥੀਆਂ ਵੱਲੋਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਾਂ ਸੀਨੀਅਰ ਮੀਤ ਪ੍ਰਧਾਨ ਜਾਂ ਸੀਨੀਅਰ ਮੈਂਬਰ ਵੱਲੋਂ ਦਸਤਾਰ ਭੇਟ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਬਾਕੀ ਸੰਪਰਦਾਵਾਂ, ਸਿੱਖ ਜਥੇਬੰਦੀਆਂ, ਸਭਾ ਸੁਸਾਇਟੀਆਂ ਦੇ ਨੁਮਾਇੰਦੇ ਦਸਤਾਰ ਭੇਟ ਕਰਦੇ ਹਨ ਅਤੇ ਨਵ ਨਿਯੁਕਤ ਜਥੇਦਾਰ ਨੂੰ ਮਾਨਤਾ ਜਾਂ ਪ੍ਰਵਾਨਗੀ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਦੀ ਸੇਵਾ ਸੰਭਾਲ ਦਾ ਸਮਾਗਮ ਕੀਤਾ ਗਿਆ ਤਾਂ ਉਸ ਵੇਲੇ ਨਾ ਤਾਂ ਤਖਤ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਸੀ ਅਤੇ ਨਾ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ, ਨਾ ਹੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਨਾ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਨਾ ਹੀ ਸਿੱਖ ਸੰਗਤਾਂ, ਜਥੇਬੰਦੀਆਂ, ਸੰਪਰਦਾਵਾਂ ਤੇ ਹੋਰ ਹਾਜ਼ਰ ਸਨ।

You must be logged in to post a comment Login