ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ 6 ਅਗਸਤ ਨੂੰ ਪੱਖ ਰੱਖਣ ਲਈ ਸੱਦਿਆ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ 6 ਅਗਸਤ ਨੂੰ ਪੱਖ ਰੱਖਣ ਲਈ ਸੱਦਿਆ

ਅੰਮ੍ਰਿਤਸਰ, 4 ਅਗਸਤ : ਪੰਜਾਬ ਸਰਕਾਰ ਵੱਲੋਂ ਸ੍ਰੀਨਗਰ (ਜੰਮੂ-ਕਸ਼ਮੀਰ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਮਰਿਆਦਾ ਦੀ ਉਲੰਘਣਾ ਸਬੰਧੀ ਦੋਸ਼ਾਂ ਦੇ ਮਾਮਲੇ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸ੍ਰੀ ਅਕਾਲ ਤਖਤ ਵਿਖੇ 6 ਅਗਸਤ ਨੂੰ ਆਪਣਾ ਪੱਖ ਰੱਖਣ ਵਾਸਤੇ ਸੱਦਿਆ ਗਿਆ ਹੈ।ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨੇੜਲੇ ਰਿਸ਼ਤੇਦਾਰ ਦਾ ਦੇਹਾਂਤ ਹੋ ਜਾਣ ਕਾਰਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਹੁਣ ਦੁਬਾਰਾ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਰੱਖੀ ਗਈ ਹੈ ਅਤੇ ਕੈਬਨਿਟ ਮੰਤਰੀ ਸ੍ਰੀ ਬੈਂਸ ਨੂੰ ਪੇਸ਼ ਹੋਣ ਲਈ ਸੂਚਿਤ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੜਗੱਜ ਦੀ ਅਗਵਾਈ ਵਿੱਚ ਵੱਖ-ਵੱਖ ਪੰਥਕ ਅਤੇ ਧਾਰਿਮਕ ਮਾਮਲੇ ਵਿਚਾਰਨ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਸਗਤ ਨੂੰ ਸਵੇਰੇ 9 ਵਜੇ ਹੋਵੇਗੀ। ਇਹ ਜਾਣਕਾਰੀ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 6 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਕਰਕੇ ਪੇਸ਼ ਹੋਣ ਲਈ ਆਖਿਆ ਗਿਆ ਹੈ ਅਤੇ ਉਨ੍ਹਾਂ ਨੂੰ ਈ-ਮੇਲ ਰਾਹੀਂ ਜਾਣਕਾਰੀ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਆਪਣੇ ਕਰੀਬੀ ਰਿਸ਼ਤੇਦਾਰ ਦੇ ਆਨੰਦ ਕਾਰਜ ਲਈ 12 ਅਗਸਤ ਤੱਕ ਵਿਦੇਸ਼ ਗਏ ਹਨ, ਜਿਸ ਲਈ ਉਨ੍ਹਾਂ ਨੂੰ ਬਾਅਦ ਵਿੱਚ ਪੇਸ਼ ਹੋਣ ਲਈ ਸੱਦਿਆ ਜਾਵੇਗਾ।

You must be logged in to post a comment Login