ਚੰਡੀਗੜ੍ਹ:ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਨਹੀਂ ਲੜ ਰਿਹਾ। ਉਧਰ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਵੀ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਡਾ. ਦਰਸ਼ਨ ਪਾਲ, ਯੋਗੇਂਦਰ ਯਾਦਵ, ਯੁੱਧਵੀਰ ਸਿੰਘ, ਸ਼ਿਵ ਕੁਮਾਰ ਸ਼ਰਮਾ ‘ਕੱਕਾਜੀ’ ਅਤੇ ਹਨਨ ਮੌਲਾ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ ਦੀਆਂ 400 ਤੋਂ ਵੱਧ ਵੱਖ ਵੱਖ ਵਿਚਾਰਧਾਰਾ ਦੀਆਂ ਜਥੇਬੰਦੀਆਂ ਦਾ ਸਿਰਫ ਕਿਸਾਨੀ ਮੁੱਦਿਆਂ ’ਤੇ ਬਣਿਆ ਇੱਕ ਮੰਚ ਹੈ ਅਤੇ ਇਸ ਵੱਲੋਂ ਨਾ ਤਾਂ ਚੋਣਾਂ ਦੇ ਬਾਈਕਾਟ ਦਾ ਸੱਦਾ ਹੈ ਅਤੇ ਨਾ ਹੀ ਚੋਣਾਂ ਲੜਨ ਦੀ ਕੋਈ ਸਮਝ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਤਾਕਤ ਨਾਲ ਸਰਕਾਰ ਤੋਂ ਆਪਣੇ ਹੱਕ ਲੈਣ ਲਈ ਬਣਿਆ ਹੈ ਅਤੇ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਸੰਘਰਸ਼ ਮੁਲਤਵੀ ਕੀਤਾ ਗਿਆ ਹੈ, ਬਾਕੀ ਰਹਿੰਦੀਆਂ ਮੰਗਾਂ ਲਈ ਸੰਘਰਸ਼ ਬਾਰੇ 15 ਜਨਵਰੀ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਜਾਵੇਗਾ। ਪੰਜਾਬ ਦੀਆਂ32 ਜਥੇਬੰਦੀਆਂ ਬਾਰੇ ਉਨ੍ਹਾਂ ਕਿਹਾ ਕਿ ਮੰਚ ਵੱਲੋਂ ਚੋਣਾਂ ਵਿੱਚ ਸਾਂਝੇ ਤੌਰ ’ਤੇ ਜਾਣ ਸਬੰਧੀ ਸਹਿਮਤੀ ਨਹੀਂ ਬਣੀ ਹੈ। ਉਨ੍ਹਾਂ ਕਿਹਾ ਕਿ ਇਹ ਤੈਅ ਹੋ ਚੁੱਕਾ ਹੈ ਕਿ ਚੋਣਾਂ ਅੰਦਰ ਜਾਣ ਵਾਲੇ ਵਿਅਕਤੀ ਜਾਂ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਜਾਂ 32 ਜਥੇਬੰਦੀਆਂ ਦਾ ਨਾਮ ਨਹੀਂ ਵਰਤਣਗੇ। ਅਜਿਹਾ ਕਰਨ ’ਤੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਆਗੂਆਂ ਨੇ ਸਪੱਸ਼ਟ ਕੀਤਾ ਕੀ 32 ਜਥੇਬੰਦੀਆਂ ਦੇ ਫਰੰਟ ਅੰਦਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਦਰਸ਼ਨਪਾਲ), ਬੀਕੇਯੂ ਕ੍ਰਾਂਤੀਕਾਰੀ (ਸੁਰਜੀਤ ਫੂਲ), ਬੀਕੇਯੂ ਸਿੱਧੂਪੁਰ (ਜਗਜੀਤ ਡੱਲੇਵਾਲ), ਆਜ਼ਾਦ ਕਿਸਾਨ ਕਮੇਟੀ ਦੋਆਬਾ (ਹਰਪਾਲ ਸੰਘਾ), ਜੈ ਕਿਸਾਨ ਅੰਦੋਲਨ (ਗੁਰਬਖਸ਼ ਬਰਨਾਲਾ), ਦਸੂਹਾ ਗੰਨਾ ਸੰਘਰਸ਼ ਕਮੇਟੀ (ਸੁਖਪਾਲ ਡੱਫਰ), ਕਿਸਾਨ ਸੰਘਰਸ਼ ਕਮੇਟੀ ਪੰਜਾਬ (ਇੰਦਰਜੀਤ ਕੋਟਬੁੱਢਾ), ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ (ਬਲਦੇਵ ਸਿਰਸਾ) ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ (ਹਰਦੇਵ ਸੰਧੂ) ਆਦਿ ਜਥੇਬੰਦੀਆਂ ਨੇ ਚੋਣਾਂ ਨਾ ਲੜਨ ਬਾਰੇ ਸਪੱਸ਼ਟ ਸਟੈਂਡ ਲਿਆ ਹੈ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login