312 ਮੈਡੀਕਲ ਅਫਸਰਾਂ ਦੀ ਭਰਤੀ ’ਚ ਬੇਨਿਯਮੀਆਂ ਦੇ ਦੋਸ਼ ਹੇਠ ਪੀਪੀਐੱਸਸੀ ਦੇ ਸਾਬਕਾ ਚੇਅਰਮੈਨ ਤੇ ਮੈਂਬਰਾਂ ਖ਼ਿਲਾਫ ਵਿਜੀਲੈਂਸ ਵੱਲੋਂ ਕੇਸ ਦਰਜ

312 ਮੈਡੀਕਲ ਅਫਸਰਾਂ ਦੀ ਭਰਤੀ ’ਚ ਬੇਨਿਯਮੀਆਂ ਦੇ ਦੋਸ਼ ਹੇਠ ਪੀਪੀਐੱਸਸੀ ਦੇ ਸਾਬਕਾ ਚੇਅਰਮੈਨ ਤੇ ਮੈਂਬਰਾਂ ਖ਼ਿਲਾਫ ਵਿਜੀਲੈਂਸ ਵੱਲੋਂ ਕੇਸ ਦਰਜ

ਪਟਿਆਲਾ, 19 ਦਸੰਬਰ- ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐੱਮਓਜ਼) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਦੇ ਸਾਬਕਾ ਚੇਅਰਮੈਨ ਸਮੇਤ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪਟਿਆਲ਼ਾ ਜ਼ਿਲ੍ਹੇ ਦੇ ਸ਼ੁਤਰਾਣਾ ਹਲਕੇ ਤੋਂ ਸਾਬਕਾ ਵਿਧਾਇਕ ਡਾ. ਸਤਵੰਤ ਸਿੰਘ ਮੋਹੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਜਾਰੀ ਹਨ। ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਰਿਪੋਰਟ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਨਾਮਜ਼ਦ ਕੀਤੇ ਮੁਲਜ਼ਮਾਂ ਵਿੱਚ ਮਰਹੂਮ ਚੇਅਰਮੈਨ ਐੱਸਕੇ ਸਿਨਹਾ, ਮਰਹੂਮ ਬ੍ਰਿਗੇਡੀਅਰ (ਸੇਵਾਮੁਕਤ) ਡੀਐੱਸ ਗਰੇਵਾਲ, ਡਾ. ਸਤਵੰਤ ਸਿੰਘ ਮੋਹੀ, ਡੀਐੱਸ ਮਾਹਲ, ਸਾਬਕਾ ਮੰਤਰੀ ਲਾਲ ਸਿੰਘ ਦੀ ਨੂੰਹ ਰਵਿੰਦਰ ਕੌਰ ਅਤੇ ਭਾਜਪਾ ਦਾ ਬੁਲਾਰਾ ਅਨਿਲ ਸਰੀਨ ਸ਼ਾਮਲ ਹਨ। ਇਹ ਚਾਰੇ ਪੀਪੀਐੱਸਸੀ ਦੇ ਮੈਂਬਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 22 ਨਵੰਬਰ 2013 ਨੂੰ ਪੀਪੀਐੱਸਸੀ ਵੱਲੋਂ ਦੋ ਵਾਰੀ ਵਿੱਚ 100 ਅਤੇ 212 ਆਸਾਮੀਆਂ ਉਪਰ ਕੁੱਲ 312 ਐੱਮਓਜ਼ ਦੀ ਭਰਤੀ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦਾ ਨਿਬੇੜਾ ਕਰਦੇ ਹੋਏ ਸਮੁੱਚੇ ਮਾਮਲੇ ਦੀ ਜਾਂਚ ਲਈ ਐੱਸਆਈਟੀ ਕਾਇਮ ਕਰਨ ਦੇ ਹੁਕਮ ਦਿੱਤੇ ਹਨ। ਦੋ ਮੈਂਬਰੀ ਸਿੱਟ ਵਿੱਚ ਸ਼ਾਮਲ ਐੱਮਐੱਸ ਬਾਲੀ, ਸੰਯੁਕਤ ਕਮਿਸ਼ਨਰ ਸੀਬੀਆਈ (ਸੇਵਾਮੁਕਤ) ਅਤੇ ਸੁਰੇਸ਼ ਅਰੋੜਾ ਤੱਤਕਾਲੀ ਡਾਇਰੈਕਟਰ ਜਨਰਲ ਵਿਜੀਲੈਂਸ ਬਿਊਰੋ ਨੇ ਹਾਈਕੋਰਟ ਵਿੱਚ ਆਪਣੀ ਰਿਪੋਰਟ ਪੇਸ਼ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸਾਲ 2008-2009 ਵਿੱਚ 312 ਡਾਕਟਰਾਂ ਦੀ ਪੂਰੀ ਚੋਣ ਬੇਨਿਯਮੀਆਂ ਨਾਲ ਭਰੀ ਸੀ। ਇਸ ਅਨੁਸਾਰ ਪੀਪੀਐੱਸਸੀ ਦੇ ਤੱਤਕਾਲੀ ਚੇਅਰਮੈਨ ਅਤੇ ਪੰਜ ਮੈਂਬਰਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ।

You must be logged in to post a comment Login