ਨਵੀਂ ਦਿੱਲੀ— ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਵਾਉਣ ਲਈ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਵਿਚ ਅੱਜ ਅਹਿਮ ਫੈਸਲਾ ਲਿਆ ਗਿਆ। ਇਸ ਬੈਠਕ ‘ਚ ਮੋਦੀ ਸਰਕਾਰ ਨੇ ਦੇਸ਼ਾਂ-ਵਿਦੇਸ਼ਾਂ ‘ਚ ਵੱਸਦੇ ਸਿੱਖਾਂ ਲਈ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇਗਾ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਮੰਤਰਾਲੇ ਨੇ ਇਤਿਹਾਸਕ ਫੈਸਲਾ ਲੈਂਦੇ ਹੋਏ ਕਰਤਾਰਪੁਰ ਲਾਂਘੇ ਦੇ ਨਿਰਮਾਣ ਅਤੇ ਵਿਕਾਸ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਲਾਂਘਾ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤਕ ਬਣਾਇਆ ਜਾਵੇਗਾ। ਇੱਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਰਤੀ ਗ੍ਰਹਿ ਮੰਤਰਾਲੇ ਨੇ ਕਿਹਾ ਸੀ ਕਿ ਸੂਚਨਾ ਤਕਨਾਲੋਜੀ ਮੰਤਰਾਲੇ ਵਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਟੈਲੀਸਕੋਪ ਲਾਈ ਜਾਵੇਗੀ, ਜਿਸ ਦੇ ਜ਼ਰੀਏ ਗੁਰਦੁਆਰਾ ਸਾਹਿਬ ਨੇੜੇ ਤੋਂ ਨਜ਼ਰ ਆਵੇਗਾ। ਸਿੱਖ ਇਸ ਟੈਲੀਸਕੋਪ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਕਰਤਾਰਪੁਰ ਲਾਂਘਾ ਪ੍ਰਾਜੈਕਟ ਲਈ ਸਾਰੀਆਂ ਆਧੁਨਿਕ ਸਹੂਲਤਾਂ ਅਤੇ ਕੇਂਦਰ ਸਰਕਾਰ ਦੀ ਫੰਡਿੰਗ ਨਾਲ ਲਾਗੂ ਕੀਤੀ ਜਾਵੇਗੀ।
ਨਵੀਂ ਦਿੱਲੀ— ਸਿੱਖਾਂ ਦੀ ਕਈ ਸਾਲਾਂ ਤੋਂ ਕਰਤਾਰਪੁਰ ਸਾਹਿਬ ਲਾਂਘੇ ਦੀ ਮੰਗ ‘ਤੇ ਮੋਦੀ ਸਰਕਾਰ ਨੇ ਮੋਹਰ ਲਾ ਦਿੱਤੀ ਹੈ। ਭਾਰਤ ਸਰਕਾਰ ਨੇ ਲਾਂਘਾ ਖੁੱਲ੍ਹਵਾਉਣ ਲਈ ਇਤਿਹਾਸਕ ਕਦਮ ਅੱਗੇ ਵਧਾਇਆ ਹੈ। ਹੁਣ ਅਗਲਾ ਫੈਸਲਾ ਪਾਕਿਸਤਾਨ ਨੂੰ ਲੈਣਾ ਹੋਵੇਗਾ। ਵੀਰਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਲਾਂਘੇ ਦੇ ਨਿਰਮਾਣ ਲਈ ਹਰੀ ਝੰਡੀ ਦੇ ਦਿੱਤੀ ਗਈ।
ਕੈਬਨਿਟ ਦੀ ਬੈਠਕ ਤੋਂ ਬਾਅਦ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅਖੀਰਲੇ ਸਾਲ ਸ੍ਰੀ ਕਰਤਾਰਪੁਰ ਸਾਹਿਬ ਵਿਚ ਹੀ ਬਿਤਾਏ। ਇਹ ਭਾਰਤ ਦੀ ਸਰਹੱਦ ਤੋਂ ਕੁਝ ਕਿਲੋਮੀਟਰ ਦੂਰ ਪਾਕਿਸਤਾਨ ਵਿਚ ਹੈ, ਜਿੱਥੇ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਡੇਰਾ ਬਾਬਾ ਨਾਨਕ ਜੋ ਗੁਰਦਾਸਪੁਰ ਵਿਚ ਹੈ, ਉੱਥੋਂ ਲੈ ਕੇ ਕੌਮਾਂਤਰੀ ਸਰਹੱਦ ਤਕ ਲਾਂਘੇ ਦਾ ਵਿਕਾਸ ਸਾਡੀ ਸਰਕਾਰ ਵੱਲੋਂ ਕੀਤਾ ਜਾਵੇਗਾ।
ਜੇਤਲੀ ਨੇ ਕਿਹਾ ਕਿ ਕੌਮਾਂਤਰੀ ਸਰਹੱਦ ਤਕ ਕਰਤਾਰਪੁਰ ਸਾਹਿਬ ਲਾਂਘੇ ਦੇ ਵਿਕਾਸ ਲਈ ਪੂਰਾ ਫੰਡ ਕੇਂਦਰ ਸਰਕਾਰ ਦੇਵੇਗੀ। ਇਸ ਕੋਰੀਡੋਰ ‘ਤੇ ਵੀਜ਼ਾ ਤੇ ਕਸਟਮ ਸਹੂਲਤ ਵੀ ਹੋਵੇਗੀ। ਇਸ ਦਾ ਫਾਇਦਾ ਇਹ ਹੋਵੇਗਾ ਜਿਨ੍ਹਾਂ ਲੋਕਾਂ ਨੂੰ ਵੀਜ਼ਾ ਮਿਲੇਗਾ, ਉਹ ਸਰਹੱਦ ਪਾਰ ਕਰਤਾਰਪੁਰ ਸਾਹਿਬ ਆਸਾਨੀ ਨਾਲ ਜਾ ਸਕਣਗੇ। ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤਕ ਲਾਂਘੇ ਦਾ ਨਿਰਮਾਣ ਕਰ ਦਿੱਤਾ ਜਾਵੇਗਾ। ਇਸ ਦਾ ਸਾਰਾ ਖਰਚਾ ਮੋਦੀ ਸਰਕਾਰ ਵੱਲੋਂ ਕੀਤਾ ਜਾਵੇਗਾ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਨੂੰ ਵਿਰਾਸਤ ਨਗਰ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ। ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਵੀ ਆਪਣੇ ਹਿੱਸੇ ਵੱਲ ਦੇ ਲਾਂਘੇ ਦਾ ਨਿਰਮਾਣ ਕਰਨ ਦੀ ਅਪੀਲ ਕੀਤੀ ਹੈ।

You must be logged in to post a comment Login