ਚੰਡੀਗੜ੍ਹ : ਸਿੱਖ ਧਰਮ ਦੇ ਮੋਢੀ, ਮਾਨਵਤਾ ਦੇ ਰਹਿਬਰ, ਸਾਂਝੀਵਾਲਤਾ ਦੇ ਮੁੱਜਸਮੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਸਮਾਗਮਾਂ ਨੂੰ ਸਮਰਪਤ ਪੰਜਾਬ ਸਰਕਾਰ ਵਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਥਾਂਵਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਕੀਤਾ।ਕੈਬਨਿਟ ਮੰਤਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਤਾਬਦੀ ਸਮਾਗਮ ਵੱਡੇ ਪੱਧਰ ਤੇ ਮਨਾਉਣ ਲਈ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮਹਾਨ ਦਿਨ ‘ਤੇ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀਆਂ ਲੱਖਾਂ ਸੰਗਤਾਂ ਦੇ ਠਹਿਰਨ, ਲੰਗਰ, ਮੈਡੀਕਲ ਸੇਵਾਵਾਂ ਅਤੇ ਹਰ ਤਰ੍ਹਾਂ ਦੀ ਸੁਵਿਧਾ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਜਿਥੇ ਸਮੁੱਚੇ ਪੰਜਾਬ ਵਿਚ ਵੱਖ-ਵੱਖ ਸ਼ਹਿਰਾਂ ਵਿਚ ਚੱਲਣਗੇ ਉਥੇ ਖਾਸ ਕਰ ਕੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਆਯੋਜਿਤ ਕਰਵਾਏ ਜਾਣ ਵਾਲੇ ਸਮਾਗਮ ਵੇਖਣਯੋਗ ਹੋਣਗੇ।ਰੰਧਾਵਾ ਨੇ ਕਿਹਾ ਕਿ ਇਸ ਸਤਾਬਦੀ ਸਮਾਗਮ ਮੌਕੇ ਜਿਥੇ ਜੇਲਾਂ ਵਿਚ ਬੰਦ 550 ਚੰਗੇ ਆਚਰਨ ਵਾਲੇ ਕੈਦੀਆਂ ਨੂੰ ਵੀ ਰਿਹਾਅ ਕੀਤੇ ਜਾਣ ਦੀ ਤਜਵੀਜ ਹੈ ਉਥੇ ਜੇਲ੍ਹਾਂ ਵਿਚ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਤ ਧਾਰਮਕ ਲਿਟਰੇਚਰ ਵੀ ਵੰਡਿਆ ਜਾਵੇਗਾ ਜਿਸ ਵਿੱਚ ਸਿੱਖ ਕੌਮ ਦੇ ਮਹਾਨ ਵਿਦਵਾਨ ਭਾਈ ਵੀਰ ਸਿੰਘ ਵਲੋਂ ਲਿਖੀਆਂ ਪੁਸਤਕਾਂ ਜਿਨ੍ਹਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨ ਬਿਰਤਾਂਤ ਦਰਸਾਇਆ ਗਿਆ ਹੈ ਅਤੇ ਇਸ ਤੋਂ ਇਲਾਵਾ ਬਾਕੀ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਵਾਲਾ ਧਾਰਮਕ ਲਿਟਰੇਚਰ ਜੋ ਮਾਨਵਤਾ ਦਾ ਰਾਹ ਦੁਸੇਰਾ ਹੈ ਸਮੇਤ ਹੋਰ ਵੀ ਲਿਟਰੇਚਰ ਵੰਡਿਆ ਜਾਵੇਗਾ।
You must be logged in to post a comment Login