ਰਾਜ ਸਭਾ ਤੇ ਲੋਕ ਸਭਾ ਵਿੱਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸ

ਰਾਜ ਸਭਾ ਤੇ ਲੋਕ ਸਭਾ ਵਿੱਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸ

ਨਵੀਂ ਦਿੱਲੀ, 29 ਨਵੰਬਰ : ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਅੱਜ ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿਚ ਵੀ ਪਾਸ ਹੋ ਗਿਆ। ਹੁਣ ਇਹ ਬਿੱਲ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ ਤੇ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੇ ਹੀ ਖੇਤੀ ਕਾਨੂੰਨ ਰੱਦ ਹੋ ਜਾਣਗੇ। ਦੂਜੇ ਪਾਸੇ ਲੋਕ ਸਭਾ ਵੀ ਭਲਕੇ ਸਵੇਰੇ 11 ਵਜੇ ਤਕ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਸਵੇਰੇ ਲੋਕ ਸਭਾ ਸੈਸ਼ਨ ਸ਼ੁਰੂ ਹੁੰਦੇ ਹੀ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪੇਸ਼ ਕੀਤਾ ਤੇ ਉਸ ਨੂੰ ਬਿਨਾਂ ਬਹਿਸ ਦੇ ਪਾਸ ਕਰ ਦਿੱਤਾ ਗਿਆ ਜਿਸ ਕਾਰਨ ਕਾਂਗਰਸ ਸਣੇ ਹੋਰ ਵਿਰੋਧੀ ਧਿਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਪੀਕਰ ਓਮ ਬਿਰਲਾ ਨੇ ਕਿਹਾ ਕਿ ਉਹ ਬਿੱਲ ’ਤੇ ਚਰਚਾ ਕਰਵਾਉਣ ਲਈ ਤਿਆਰ ਹਨ ਪਰ ਵਿਰੋਧੀ ਧਿਰਾਂ ਨੇ ਹੰਗਾਮਾ ਕੀਤਾ। ਇਸ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ ਦੋ ਵਜੇ ਤੱਕ ਮੁਅੱਤਲ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਇਸ ਬਿੱਲ ਦਾ ਖਰੜਾ ਲੋਕ ਸਭਾ ਮੈਂਬਰਾਂ ਨੂੰ ਭੇਜਿਆ ਗਿਆ ਸੀ ਪਰ ਇਸ ਦੀ ਸ਼ਬਦਾਵਲੀ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਇਤਰਾਜ਼ ਜਤਾਇਆ। ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਹੋਰਾਂ ਨੇ ਸੰਸਦ ਭਵਨ ਵਿਚ ਧਰਨਾ ਦਿੱਤਾ। ਇਸ ਕਾਰਨ ਲੋਕ ਸਭਾ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਵੀ ਮੁਅੱਤਲ ਕੀਤੀ ਗਈ।

You must be logged in to post a comment Login