ਪੰਜਾਬ ਵਾਸੀਆਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

ਪੰਜਾਬ ਵਾਸੀਆਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

ਚੰਡੀਗੜ੍ਹ, 16 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਸ੍ਰੀ ਮਾਨ ਨੇ ਵੀਡੀਓ ਜਾਰੀ ਕਰਕੇ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਛੜੀਆਂ ਸ਼੍ਰੇਣੀਆਂ ਨੂੰ ਵੀ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ, ਜਦੋਂ ਕਿ 300 ਯੂਨਿਟ ਤੋਂ ਵੱਧ ਬਿਲ ਆਉਣ ’ਤੇ ਬਿਲ ਦਾ ਭੁਗਤਾਨ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਪਛੜੀਆਂ ਸ਼੍ਰੇਣੀਆਂ ਨੂੰ ਦੋ ਮਹੀਨੇ ਵਿੱਚ 600 ਯੂਨਿਟ ਬਿਲਕੁਲ ਮੁਫ਼ਤ ਹੋਣਗੇ ਜਦੋਂ ਕਿ 600 ਯੂਨਿਟ ਦੇ ਉੱਪਰ ਵਾਲੇ ਬਿੱਲ ਦਾ ਭੁਗਤਾਨ ਕਰਨਾ ਪਵੇਗਾ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਬਿਜਲੀ ਕੁਨੈਕਸਨਾਂ ਦੀਆਂ ਦਰਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਪੰਜਾਬ ਸਰਕਾਰ ਦਾ ਟੀਚਾ ਹੈ ਕਿ ਆਉਣ ਵਾਲੇ ਦੋ ਤਿੰਨ ਸਾਲਾਂ ਵਿੱਚ ਸੂਬੇ ਦੇ ਹਰ ਘਰ ਨੂੰ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਲੋਕਾਂ ਨੂੰ ਸਭ ਤੋ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਂਦੀ ਹੈ ਉਸੇ ਤਰਜ ’ਤੇ ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕਰੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਇਕ ਮਹੀਨੇ ਵਿੱਚ ਕੀਤੇ ਕੰਮਾਂ ਬਾਰੇ ਵੀ ਚਾਨਣਾ ਪਾਇਆ।

You must be logged in to post a comment Login