ਸਿੱਧੂ ਮੂਸੇਵਾਲਾ ਦੀ ਮੌਤ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ: ਭਗਵੰਤ ਮਾਨ

ਸਿੱਧੂ ਮੂਸੇਵਾਲਾ ਦੀ ਮੌਤ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ: ਭਗਵੰਤ ਮਾਨ

ਮਾਨਸਾ, 8 ਜੂਨ- ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਗਾਇਕ ਦੇ ਤੁਰ ਜਾਣ ਨਾਲ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਡੂੰਘਾ ਸਦਮਾ ਪਹੁੰਚਿਆ ਅਤੇ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਸਿੱਧੂ ਮੂਸੇਵਾਲਾ ਨਮਿੱਤ ਭੋਗ ਅਤੇ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਦੀ ਤਰਫੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਰਿਵਾਰ ਨੂੰ ਸੋਗ ਸੰਦੇਸ਼ ਸੌਂਪਿਆ ਗਿਆ, ਜਿਸ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਗਾਇਕ ਦੀ ਦਿਲ ਦਹਿਲਾਉਣ ਵਾਲੀ ਅਤੇ ਬੇਵਕਤੀ ਮੌਤ ਨੇ ਪਰਿਵਾਰ ਦੇ ਮੈਂਬਰਾਂ ਅਤੇ ਦੁਨੀਆ ਭਰ ਵਿਚ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਸੂਬਾ ਸਰਕਾਰ ਸੰਗੀਤ ਜਗਤ ਦੇ ਹੀਰੇ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ, ਜਿਸ ਨੇ ਸੰਗੀਤ ਅਤੇ ਮੋਨਰੰਜਨ ਦੇ ਖੇਤਰ ਵਿਚ ਆਪਣੇ ਦਮ ਉਤੇ ਮੁਕਾਮ ਹਾਸਲ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਭਰ ਜਵਾਨੀ ਵਿਚ ਪੁੱਤ ਦਾ ਇਸ ਦੁਨੀਆ ਤੋਂ ਰੁਖ਼ਸਤ ਹੋ ਜਾਣਾ ਪਰਿਵਾਰ ਲਈ ਅਸਹਿ ਅਤੇ ਅਕਹਿ ਹੈ ਅਤੇ ਉਨ੍ਹਾਂ ਦੇ ਤੁਰ ਜਾਣ ਨਾਲ ਸੰਗੀਤ ਜਗਤ ਵਿਚ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਭਵਿੱਖ ਵਿਚ ਪੂਰਨਾ ਬਹੁਤ ਮੁਸ਼ਕਲ ਹੈ। ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਨਾਲ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਗੁਰਮੀਤ ਸਿੰਘ ਖੁੱਡੀਆਂ, ਬਲਕਾਰ ਸਿੱਧੂ ਅਤੇ ਨਰਿੰਦਰ ਕੌਰ ਭਰਾਜ ਨੇ ਵੀ ਮੁੱਖ ਮੰਤਰੀ ਦੀ ਤਰਫੋਂ ਪਰਿਵਾਰ ਨਾਲ ਦੁੱਖ ਵੰਡਾਇਆ।

You must be logged in to post a comment Login