ਚੰਡੀਗੜ੍ਹ , 17 ਜੂਨ: ਕੇਂਦਰ ਸਰਕਾਰ ਦੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਲਈ ਨਵੀਂ ਯੋਜਨਾ ‘ਅਗਨੀਪਥ’ ਖ਼ਿਲਾਫ਼ ਹਰਿਆਣਾ ’ਚ ਅੱਜ ਵੱਖ-ਵੱਖ ਥਾਵਾਂ ’ਤੇ ਵਿਰੋਧ ਪ੍ਰਦਰਸ਼ਨ ਹੋਏ। ਕਈ ਥਾਵਾਂ ’ਤੇ ਪੁਲੀਸ ਅਤੇ ਪ੍ਰਦਰਸ਼ਨਕਾਰੀ ਨੌਜਵਾਨਾਂ ਵਿਚਾਲੇ ਹਿੰਸਕ ਝੜਪਾਂ ਹੋਈਆਂ। ਨੌਜਵਾਨਾਂ ਨੇ ਸੂਬੇ ਭਰ ’ਚ ਰੇਲ ਮਾਰਗ ਅਤੇ ਕੌਮੀ ਮਾਰਗਾਂ ’ਤੇ ਆਵਾਜਾਈ ਠੱਪ ਕਰ ਦਿੱਤੀ। ਹਰਿਆਣਾ ਦੇ ਪਲਵਲ ’ਚ ਸਵੇਰੇ 11 ਵਜੇ ਦੇ ਕਰੀਬ ਨੌਜਵਾਨਾਂ ਨੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ। ਨੌਜਵਾਨਾਂ ਨੇ ਪੁਲੀਸ ’ਤੇ ਪਥਰਾਅ ਕੀਤਾ ਤਾਂ ਪੁਲੀਸ ਨੇ ਵੀ ਨੌਜਵਾਨਾਂ ’ਤੇ ਲਾਠੀਆਂ ਵਰ੍ਹਾਈਆਂ। ਪੁਲੀਸ ਦੀ ਕਾਰਵਾਈ ਤੋਂ ਗੁੱਸੇ ’ਚ ਆੲੇ ਨੌਜਵਾਨਾਂ ਨੇ ਪੁਲੀਸ ਦੀਆਂ ਤਿੰਨ ਗੱਡੀਆਂ ਸਾੜ ਦਿੱਤੀਆਂ ਤੇ ਡਿਪਟੀ ਕਮਿਸ਼ਨਰ ਦਫ਼ਤਰ ’ਤੇ ਪਥਰਾਅ ਕਰ ਕੇ ਭੰਨਤੋੜ ਕੀਤੀ।
ਹਾਲਾਤ ਕਾਬੂ ਹੇਠ ਲਿਆਉਣ ਲਈ ਤਿੰਨ ਜ਼ਿਲ੍ਹਿਆਂ ਦੀ ਪੁਲੀਸ ਨੂੰ 4 ਘੰਟੇ ਖਾਸੀ ਮੁਸ਼ੱਕਤ ਕਰਨੀ ਪਈ। ਪੁਲੀਸ ਨੇ ਨੌਜਵਾਨਾਂ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ। ਪਲਵਲ ’ਚ ਨੌਜਵਾਨਾਂ ਦੇ ਪ੍ਰਦਰਸ਼ਨ ਕਰਕੇ ਕੌਮੀ ਮਾਰਗ ’ਤੇ ਕਈ ਕਿਲੋਮੀਟਰ ਲੰਮਾ ਜਾਮ ਲੱਗ ਗਿਆ। ਦੂਜੇ ਪਾਸੇ ਹਾਲਾਤ ਵਿਗੜਦੇ ਦੇਖ ਕੇ ਹਰਿਆਣਾ ਦੇ ਗ੍ਰਹਿ ਵਿਭਾਗ ਨੇ ਪਲਵਲ ਜ਼ਿਲ੍ਹੇ ’ਚ 24 ਘੰਟੇ ਲਈ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਬੰਦ ਕਰ ਦਿੱਤੀਆਂ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਪਲਵਲ ’ਚ ਟਕਰਾਅ ਦੌਰਾਨ ਇਕ ਦਰਜਨ ਦੇ ਕਰੀਬ ਪੁਲੀਸ ਮੁਲਾਜ਼ਮ ਅਤੇ ਦੋ ਦਰਜਨ ਦੇ ਕਰੀਬ ਪ੍ਰਦਰਸ਼ਨਕਾਰੀਆਂ ਦੇ ਸੱਟਾਂ ਲੱਗੀਆਂ। ਇਸੇ ਤਰ੍ਹਾਂ ਹਰਿਆਣਾ ਦੇ ਫਰੀਦਾਬਾਦ, ਰੋਹਤਕ, ਰਿਵਾੜੀ, ਹਿਸਾਰ, ਮਾਨੇਸਰ, ਨਾਰਨੌਲ, ਚਰਖੀ ਦਾਦਰੀ ਅਤੇ ਹੋਰਨਾਂ ਥਾਵਾਂ ’ਤੇ ਪੁਲੀਸ ਅਤੇ ਨੌਜਵਾਨਾਂ ਵਿਚਕਾਰ ਹਿੰਸਕ ਝੜਪਾਂ ਹੋਈਆਂ ਹਨ। ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਕੇਂਦਰ ਸਰਕਾਰ ਤੋਂ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਲਈ ਨਵੀਂ ਯੋਜਨਾ ‘ਅਗਨੀਪਥ’ ਦੇ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਫੌਜ ਵਿੱਚ ਭਰਤੀ ਹੋਣ ਲਈ ਮਿਹਨਤ ਕਰ ਰਹੇ ਹਨ, ਅਜਿਹੇ ਹਾਲਾਤ ਵਿੱਚ ਸਿਰਫ਼ 4 ਸਾਲਾਂ ਲਈ ਫੌਜ ਵਿੱਚ ਭਰਤੀ ਕਰਨ ਦਾ ਫ਼ੈਸਲਾ ਗਲਤ ਹੈ। ਉਨ੍ਹਾਂ ਕਿਹਾ ਕਿ 4 ਸਾਲਾਂ ਦੀ ਨੌਕਰੀ ਤੋਂ ਬਾਅਦ ਨੌਜਵਾਨਾਂ ਦਾ ਭਵਿੱਖ ਹਨੇਰੇ ਵਿੱਚ ਡੁੱਬ ਜਾਵੇਗਾ। ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਮੰਗ ਕੀਤੀ ਕਿ ਫੌਜ ਵਿੱਚ ਪੁਰਾਣੀ ਭਰਤੀ ਪ੍ਰਕਿਰਿਆ ਰਾਹੀਂ ਹੀ ਭਰਤੀ ਕੀਤੀ ਜਾਵੇ।
You must be logged in to post a comment Login