ਭ੍ਰਿਸ਼ਟ ਸਿਆਸਤਦਾਨਾਂ ਨੂੰ ਬਖ਼ਸ਼ਾਂਗੇ ਨਹੀਂ: ਭਗਵੰਤ ਮਾਨ

ਭ੍ਰਿਸ਼ਟ ਸਿਆਸਤਦਾਨਾਂ ਨੂੰ ਬਖ਼ਸ਼ਾਂਗੇ ਨਹੀਂ: ਭਗਵੰਤ ਮਾਨ

ਚੰਡੀਗੜ੍ਹ, 30 ਜੂਨ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ’ਤੇ ਬਹਿਸ ਨੂੰ ਸਮੇਟਦਿਆਂ ਅੱਜ ਸੂਬੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਿਆਸੀ ਜਮਾਤ ਤੇ ਅਫ਼ਸਰਸ਼ਾਹੀ ਦੇ ਗੱਠਜੋੜ ਵੱਲੋਂ ਕੀਤੀ ਲੁੱਟ ਦਾ ਹਰ ਪੈਸਾ ਵਸੂਲਿਆ ਜਾਵੇਗਾ। ਮੁੱਖ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਇਸ ਲੁੱਟ ਦੇ ਪੈਸੇ ਨੂੰ ਵਸੂਲ ਕੇ ਮੁੜ ਪੰਜਾਬ ਦੇ ਲੋਕਾਂ ’ਤੇ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਸਿਆਸਤਦਾਨ ਹੋਣ ਜਾਂ ਅਫ਼ਸਰ, ਸਾਬਕਾ ਨੇਤਾ ਹੋਣ ਤੇ ਭਾਵੇਂ ਮੌਜੂਦਾ, ਸਾਰਿਆਂ ’ਤੇ ਕਾਰਵਾਈ ਹੋਵੇਗੀ।ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਦਨ ਵਿਚ ਕਿਹਾ ਕਿ ਭ੍ਰਿਸ਼ਟ ਆਗੂਆਂ ਨੂੰ ਭੁਲੇਖਾ ਹੈ ਕਿ ਉਹ ਕਿਸੇ ਵੱਡੀ ਪਾਰਟੀ ’ਚ ਸ਼ਾਮਲ ਹੋ ਕੇ ਬਚ ਜਾਣਗੇ ਪਰ ਉਨ੍ਹਾਂ ਨੂੰ ਜੇਲ੍ਹ ਦੀ ਹਵਾ ਖਾਣੀ ਪਵੇਗੀ। ਲੁੱਟ ਦੇ ਪੈਸੇ ਦੀ ਕੀਮਤ ਭ੍ਰਿਸ਼ਟ ਲੀਡਰਾਂ ਨੂੰ ਚੁਕਾਉਣੀ ਪਵੇਗੀ ਅਤੇ ਬੇਨਾਮੀ ਜਾਇਦਾਦਾਂ ਬਣਾਉਣ ਵਾਲਿਆਂ ਨੂੰ ਬੇਪਰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲੇ ਹੁਣ ਆਪਣੇ ਗੁਨਾਹਾਂ ਦੀ ਸਜ਼ਾ ਤੋਂ ਬਚਣ ਲਈ ਹੱਥ-ਪੈਰ ਮਾਰ ਰਹੇ ਹਨ। ਜਿਨ੍ਹਾਂ ਖਿਲਾਫ਼ ਕੋਈ ਕੇਸ ਦਰਜ ਵੀ ਨਹੀਂ ਹੋਇਆ, ਉਹ ਮਨ ਵਿਚ ਪਾਲਾ ਹੋਣ ਕਰਕੇ ਪਹਿਲਾਂ ਹੀ ਅਦਾਲਤਾਂ ਵਿਚ ਚਲੇ ਗਏ ਹਨ।

You must be logged in to post a comment Login