ਗੈਂਗਸਟਰ ਗੋਲਡੀ ਬਰਾੜ ਵਲੋਂ ਪੰਜਾਬ ਪੁਲੀਸ ਤੇ ਜੇਲ੍ਹ ਮੰਤਰੀ ਨੂੰ ਧਮਕੀ

ਬਠਿੰਡਾ, 29 ਅਗਸਤ- ਕੈਨੇਡਾ ਦੇ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਦੇ ਜੇਲ੍ਹ ਮੰਤਰੀ ਨੂੰ ਧਮਕੀ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਗੈਂਗਸਟਰ ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਦੇ ਮਾਮਲੇ ਵਿਚ ਲੋੜੀਂਦਾ ਹੈ ਤੇ ਇਹ ਵੀ ਚਰਚਾ ਚਲ ਰਹੀ ਹੈ ਕਿ ਗੋਲਡੀ ਬਰਾੜ ਨੂੰ ਪੰਜਾਬ ਲਿਆਉਣ ਦੇ ਯਤਨ ਤੇਜ਼ ਹੋ ਗਏ ਹਨ। ਗੋਲਡੀ ਬਰਾੜ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਧਮਕੀ ਦਿੱਤੀ ਹੈ। ਉਸ ਨੇ ਪੰਜਾਬ ਪੁਲੀਸ ਨੂੰ ਕਿਹਾ ਕਿ ਕੇਂਦਰੀ ਜੇਲ੍ਹ ਬਠਿੰਡਾ ਦਾ ਇਕ ਸਹਾਇਕ ਸੁਪਰਡੈਂਟ ਬਠਿੰਡਾ ਜੇਲ੍ਹ ਵਿੱਚ ਬੰਦ ਉਨ੍ਹਾਂ ਦੇ ਸਾਥੀਆਂ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ। ਬਠਿੰਡਾ ’ਚ ਸਾਰਜ ਸੰਧੂ, ਬੌਬੀ ਮਲਹੋਤਰਾ ਤੇ ਜਗਰੋਸ਼ਨ ਹੁੰਦਲ ਨੂੰ ਤੰਗ ਕੀਤਾ ਜਾ ਰਿਹਾ ਹੈ। ਉਸ ਨੇ ਡੀਜੀਪੀ ਗੌਰਵ ਯਾਦਵ ਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਤੋਂ ਮੰਗ ਕੀਤੀ ਕਿ ਜੇਲ੍ਹ ਦੇ ਡਿਪਟੀ ਸੁਪਰਡੈਂਟ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਜੇ ਕਾਰਵਾਈ ਨਹੀਂ ਹੁੰਦੀ ਤਾਂ ਇਸ ਮਾਮਲੇ ਵਿਚ ਸਬਕ ਸਿਖਾਇਆ ਜਾਵੇਗਾ। ਉਨ੍ਹਾਂ ਜੇਲ੍ਹ ਮੰਤਰੀ ਹਰਜੋਤ ਬੈਂਸ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਭਰਾਵਾਂ ਦੀ ਜੇਲ੍ਹ ਬਦਲੀ ਜਾਵੇ ਤੇ ਡਿਪਟੀ ਸੁਪਰਡੈਂਟ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਜੇਕਰ ਉਨ੍ਹਾਂ ਦੇ ਭਰਾਵਾਂ ਦਾ ਕੋਈ ਨੁਕਸਾਨ ਹੋਇਆ ਤਾਂ ਉਸ ਦੀ ਜ਼ਿੰਮੇਵਾਰੀ ਪੁਲੀਸ ਦੀ ਹੋਵੇਗੀ।

You must be logged in to post a comment Login