ਮਾਨ ਵੱਲੋਂ ਟੈਕਸਟਾਈਲ ਪਾਰਕ ਲਈ ਕੇਂਦਰ ਨੂੰ ਫਤਹਿਗੜ੍ਹ ਸਾਹਿਬ ’ਚ 1000 ਏਕੜ ਜ਼ਮੀਨ ਦੇਣ ਦੀ ਪੇਸ਼ਕਸ਼

ਮਾਨ ਵੱਲੋਂ ਟੈਕਸਟਾਈਲ ਪਾਰਕ ਲਈ ਕੇਂਦਰ ਨੂੰ ਫਤਹਿਗੜ੍ਹ ਸਾਹਿਬ ’ਚ 1000 ਏਕੜ ਜ਼ਮੀਨ ਦੇਣ ਦੀ ਪੇਸ਼ਕਸ਼

ਚੰਡੀਗੜ੍ਹ, 7 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਪ੍ਰਧਾਨ ਮੰਤਰੀ ਮੈਗਾ ਇੰਟੈਗ੍ਰੇਟਿਡ ਟੈਕਸਟਾਈਲ ਰੀਜ਼ਨ ਤੇ ਐਪੇਰਲ ਪਾਰਕਜ਼ (ਪੀ ਐੱਮ ਮਿੱਤਰਾ) ਸਕੀਮ’ ਅਧੀਨ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ 1000 ਏਕੜ ਜ਼ਮੀਨ ਭਾਰਤ ਸਰਕਾਰ ਨੂੰ ਦੇਣ ਦੀ ਪੇਸ਼ਕਸ਼ ਕੀਤੀ ਹੈ। ਮੁੱਖ ਮੰਤਰੀ ਨੇ ਕੇਂਦਰੀ ਕੱਪੜਾ ਮੰਤਰੀ ਪੀਯੂਸ਼ ਗੋਇਲ ਨੂੰ ਪੱਤਰ ਭੇਜ ਕੇ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਸ ਵੱਕਾਰੀ ਪ੍ਰਾਜੈਕਟ ਨੂੰ ਸਥਾਪਤ ਕਰਨ ਦੀ ਇੱਛਾ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਨਕਸ਼ੇ ਉਤੇ ਉਭਾਰੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੈਗਾ ਪਾਰਕ ਦੀ ਸਥਾਪਨਾ ਕਰਦੇ ਸਮੇਂ ਕੇਂਦਰ ਅਤੇ ਸੂਬੇ ਦੇ ਪ੍ਰਦੂਸ਼ਣ ਕੰਟਰੋਲ ਬੋਰਡਾਂ ਦੁਆਰਾ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦਾ ਪਾਲਣ ਕੀਤਾ ਜਾਵੇਗਾ। ਇਸ ਪ੍ਰਾਜੈਕਟ ਲਈ ਬੁਨਿਆਦੀ ਲੋੜਾਂ ਵਿੱਚੋਂ ਇੱਕ ਇਹ ਹੈ ਕਿ ਇਸ ਪ੍ਰਾਜੈਕਟ ਲਈ ਇਛੁੱਕ ਸੂਬਾ ਸਰਕਾਰ ਕੋਲ 1000 ਏਕੜ ਜ਼ਮੀਨ ਦਾ ਰਕਬਾ ਇਕ ਥਾਂ ਮੌਜੂਦਾ ਹੋਣਾ ਚਾਹੀਦਾ ਹੈ।

You must be logged in to post a comment Login