ਐੱਸਵਾਈਐੱਲ: ਕੇਂਦਰ ਨੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਸੱਦੇ

ਐੱਸਵਾਈਐੱਲ: ਕੇਂਦਰ ਨੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਸੱਦੇ

ਚੰਡੀਗੜ੍ਹ, 1 ਜਨਵਰੀ- ਕੇਂਦਰ ਸਰਕਾਰ ਨੇ ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਪੰਜਾਬ ਅਤੇ ਹਰਿਆਣਾ ਦੀ ਮੀਟਿੰਗ ਬੁਲਾ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਤੋਂ ਉਨ੍ਹਾਂ ਦੇ ਹਮਰੁਤਬਾ ਮਨੋਹਰ ਲਾਲ ਖੱਟਰ 4 ਜਨਵਰੀ ਨੂੰ ਦਿੱਲੀ ਵਿਚ ਮੀਟਿੰਗ ਕਰਨਗੇ। ਕੇਂਦਰ ਸਰਕਾਰ ਨੇ ਦੋਵਾਂ ਸੂਬਿਆਂ ਵਿਚਲੇ ਪਾਣੀਆਂ ਦੇ ਵਿਵਾਦ ਨਾਲ ਨਜਿੱਠਣ ਲਈ ਗੱਲਬਾਤ ਦਾ ਦੌਰ ਸ਼ੁਰੂ ਕੀਤਾ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ।

ਸੂਤਰਾਂ ਅਨੁਸਾਰ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਇਸ ਮੀਟਿੰਗ ਬਾਰੇ ਗੈਰਰਸਮੀ ਤੌਰ ’ਤੇ ਸੂਚਨਾ ਭੇਜ ਦਿੱਤੀ ਹੈ ਅਤੇ ਭਲਕੇ ਰਸਮੀ ਸੱਦਾ ਪੱਤਰ ਮਿਲਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਦਾ ਪਾਣੀਆਂ ਦੇ ਮੁੱਦੇ ’ਤੇ ਵਿਵਾਦ ਇਸ ਵੇਲੇ ਸੁਪਰੀਮ ਕੋਰਟ ਵਿੱਚ ਹੈ। ਸੁਪਰੀਮ ਕੋਰਟ ਨੇ ਸਤੰਬਰ ਮਹੀਨੇ ਵਿੱਚ ਦੋਵਾਂ ਸੂਬਿਆਂ ਨੂੰ ਗੱਲਬਾਤ ਰਾਹੀਂ ਮਸਲੇ ਦਾ ਹੱਲ ਲੱਭਣ ਦੀ ਹਦਾਇਤ ਕੀਤੀ ਸੀ। ਇਸ ਦੇ ਮੱਦੇਨਜ਼ਰ ਦੋਵਾਂ ਸੂਬਿਆਂ ਦੀ ਚੰਡੀਗੜ੍ਹ ਵਿੱਚ 14 ਅਕਤੂਬਰ ਨੂੰ ਮੀਟਿੰਗ ਵੀ ਹੋਈ ਸੀ।

You must be logged in to post a comment Login