ਗੰਨ-ਕਲਚਰ ਖਿਲਾਫ਼ ਐਕਸ਼ਨ, ਪ੍ਰਸ਼ਾਸਨ ਵੱਲੋਂ 538 ਅਸਲਾ ਲਾਇਸੰਸ ਰੱਦ

ਗੰਨ-ਕਲਚਰ ਖਿਲਾਫ਼ ਐਕਸ਼ਨ, ਪ੍ਰਸ਼ਾਸਨ ਵੱਲੋਂ 538 ਅਸਲਾ ਲਾਇਸੰਸ ਰੱਦ

ਜਲੰਧਰ, 18 ਮਾਰਚ  ਜਲੰਧਰ ਜ਼ਿਲ੍ਹੇ ‘ਚ ਗਨ-ਕਲਚਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ 538 ਅਸਲਾ ਲਾਇਸੰਸ ਰੱਦ ਕਰ ਦਿੱਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪ੍ਰਸ਼ਾਸਨ ਵੱਲੋਂ ਵਿਅਕਤੀਆਂ ਨੂੰ ਜਾਰੀ ਕੀਤੇ ਹਥਿਆਰਾਂ ਦੇ ਲਾਇਸੰਸਾਂ ਦੀ ਸਮੀਖਿਆ ਕੀਤੀ ਗਈ ਸੀ, ਜਿਸ ਤੋਂ ਬਾਅਦ ਇਹ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਆਪਣੇ ਲਾਇਸੰਸੀ ਹਥਿਆਰ ਦੀ ਦੁਰਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪਾਬੰਦੀ ਲਗਾਈ ਹੋਈ ਹੈ; ਇਸ ਲਈ ਜੇਕਰ ਅਜਿਹਾ ਕੋਈ ਮਾਮਲਾ ਸਾਹਮਣਾ ਆਇਆ ਤਾਂ ਸਖ਼ਤ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤੋਂ ਪਹਿਲਾਂ ਪਿਛਲੇ ਸਾਲ ਨਵੰਬਰ ਵਿੱਚ 391 ਦੇ ਕਰੀਬ ਲਾਇਸੰਸ ਮੁਅੱਤਲ ਕੀਤੇ ਗਏ ਸਨ ਅਤੇ ਲਾਇਸੰਸਧਾਰਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਬੰਦੂਕ ਰੱਖਣ ਲਈ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ ਅਤੇ ਇਨ੍ਹਾਂ ਨਿਯਮਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਕਰਨ ‘ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਸਪ੍ਰੀਤ ਸਿੰਘ ਨੇ ਕਿਹਾ ਕਿ ਜਨਤਕ ਸਮਾਗਮਾਂ, ਧਾਰਮਿਕ ਸਥਾਨਾਂ, ਵਿਆਹ-ਸ਼ਾਦੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਸੂਬਾ ਭਰ ’ਚ ਪਾਬੰਦੀ ਹੈ, ਇਸ ਲਈ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ।

You must be logged in to post a comment Login