ਚੰਡੀਗੜ੍ਹ, 31 ਮਈ- ਪੰਜਾਬ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਮੰਤਰੀ ਮੰਡਲ ਦਾ ਅੱਜ ਵਿਸਥਾਰ ਕਰਦਿਆਂ ‘ਆਪ’ ਵਿਧਾਇਕਾਂ ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਨੇ ਰਾਜ ਦੇ ਨਵੇਂ ਮੰਤਰੀਆਂ ਵਜੋਂ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇੱਥੇ ਰਾਜ ਭਵਨ ਵਿਖੇ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।60 ਸਾਲਾ ਖੁੱਡੀਆਂ ਮੁਕਤਸਰ ਦੀ ਲੰਬੀ ਸੀਟ ਤੋਂ ਵਿਧਾਇਕ ਹਨ। ਉਨ੍ਹਾਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 11,396 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਉਨ੍ਹਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮਹਿਕਮਿਆਂ ਤੋਂ ਇਲਾਵਾ ਫੂਡ ਪ੍ਰੋਸੈਸਿੰਗ ਵਿਭਾਗ ਦਿੱਤਾ ਗਿਆ ਹੈ। 60 ਸਾਲਾ ਬਲਕਾਰ ਸਿੰਘ ਜਲੰਧਰ ਦੀ ਕਰਤਾਰਪੁਰ ਰਾਖਵੀਂ ਸੀਟ ਤੋਂ ਵਿਧਾਇਕ ਹਨ। ਉਹ ਸਾਬਕਾ ਪੁਲੀਸ ਅਧਿਕਾਰੀ ਹਨ ਤੇ ਸੇਵਾਮੁਕਤ ਹੋਣ ਤੋਂ ਬਾਅਦ 2021 ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸਨ। ਉਹ ਪਹਿਲੀ ਵਾਰ ਵਿਧਾਇਕ ਬਣੇ ਹਨ। ਉਨ੍ਹਾਂ ਨੂੰ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਵਿਭਾਗ ਦਿੱਤੇ ਗਏ ਹਨ।ਪੰਜਾਬ ਵਿੱਚ 14 ਮਹੀਨੇ ਪੁਰਾਣੀ ਸ੍ਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਤੀਜਾ ਮੰਤਰੀ ਮੰਡਲ ਦਾ ਵਿਸਥਾਰ ਹੈ।

You must be logged in to post a comment Login